
ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਰਚੂਅਲ ਉਦਘਾਟਨਾਂ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਰਾਜ ਚੋਣ ਕਮਿਸ਼ਨ ਖੋਜ ਬਿੱਲ 2024 ਵੀ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਵਰਚੂਅਲ ਉਦਘਾਟਨਾਂ ’ਤੇ ਸਵਾਲ ਚੁੱਕੇ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਟੀਵੀ ਤੋਂ ਹੀ ਪਤਾ ਲੱਗਾ ਕਿ ਪੰਜਾਬ ਦੇ ਸ਼ੰਭੂ ਤੋਂ ਸਾਹਨੇਵਾਲ (ਲੁਧਿਆਣਾ) ਤੱਕ 7 ਰੇਲਵੇ ਸਟੇਸ਼ਨਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਜਿਹਾ ਸਿਰਫ ਵਾਹ-ਵਾਹ ਖੱਟਣ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਕੇਂਦਰ ਸਰਕਾਰ ਨਾਲ ਜੁੜਿਆ ਹੈ ਅਤੇ ਕੇਂਦਰ ਵਰਚੂਅਲ ਉਦਘਾਟਨ ਕਰ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਇਕ ਪਾਸੇ ਰਾਜਪਾਲ ਬੈਠ ਜਾਂਦੇ ਹਨ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਦਘਾਟਨ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਭਾਜਪਾ ਅਤੇ ਨਰਿੰਦਰ ਮੋਦੀ ਦੇ ਨਾਅਰੇ ਲੱਗਣੇ ਸ਼ੁਰੂ ਹੋ ਜਾਂਦੇ ਹਨ ਅਤੇ ਇਹ ਸਿਰਫ ਵਾਹ-ਵਾਹ ਬਟੋਰਨ ਲਈ ਹੈ। ਇਸੇ ਦੌਰਾਨ ਭਗਵੰਤ ਮਾਨ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਾਰੇ ਆਗੂਆਂ ਨੂੰ ਸਮਝਾਵਾਂਗੇ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਖਿਲਾਫ ਨਿੱਜੀ ਟਿੱਪਣੀ ਨਾ ਕੀਤੀ ਜਾਵੇ।