ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਵਿੱਚ ਅੱਜ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਨੇ ਭਰੋਸਾ ਦਾ ਵੋਟ ਜਿੱਤ ਲਿਆ। ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਭਰੋਸੇ ਦੇ ਮਤੇ ’ਤੇ ਗੁਪਤ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਗਈ ਪ੍ਰੰਤੂ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਵਿਰੋਧੀ ਧਿਰ ਦੀ ਮੰਗ ਨੂੰ ਠੁਕਰਾ ਦਿੱਤਾ। ਜਿਸ ਤੋਂ ਬਾਅਦ ਇਹ ਮਤਾ ਜਬਾਨੀ ਵੋਟਾਂ ਰਾਹੀਂ ਹੀ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਦੀ ਕਾਰਵਾਈ ਨੂੰ ਅਨਿਸ਼ਚਿਤ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਇਸੇ ਦੌਰਾਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਹੁਣ ਖਾਲੀ ਹੋਈ ਕਰਨਾਲ ਵਿਧਾਨ ਸਭਾ ਸੀਟ ਤੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਪ ਚੋਣ ਲੜਨਗੇ। ਇਸ ਤੋਂ ਪਹਿਲਾਂ ਜਦੋਂ ਮੁੱਖ ਮੰਤਰੀ ਸੈਣੀ ਵੱਲੋਂ ਸਦਨ ’ਚ ਵਿਸ਼ਵਾਸ ਮਤਾ ਰੱਖਿਆ ਗਿਆ ਤਾਂ ਜਨਨਾਇਕ ਜਨਤਾ ਪਾਰਟੀ ਦੇ ਸਾਰੇ 10 ਵਿਧਾਇਕ ਅਤੇ ਇਕ ਅਜ਼ਾਦ ਵਿਧਾਇਕ ਬਲਰਾਜ ਕੁੰਡੂ ਵਿਧਾਨ ਸਭਾ ਤੋਂ ਬਾਹਰ ਚਲੇ ਗਏ। ਧਿਆਨ ਰਹੇ ਕਿ ਜਜਪਾ ਵੱਲੋਂ ਵਿਪ ਜਾਰੀ ਕਰਕੇ ਆਪਣੇ ਵਿਧਾਇਕਾਂ ਨੂੰ ਵੋਟਿੰਗ ਦੌਰਾਨ ਗੈਰਹਾਜ਼ਰ ਰਹਿਣ ਲਈ ਕਿਹਾ ਗਿਆ ਸੀ। ਧਿਆਨ ਰਹੇ ਕਿ ਲੰਘੇ ਦਿਨੀਂ ਭਾਜਪਾ ਅਤੇ ਜਜਪਾ ਵਿਚਾਲੇ ਗੱਠਜੋੜ ਟੁੱਟਣ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।