ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਨਾਲ ਸਬੰਧਤ ਤਿਉਹਾਰ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦੀ ਕੀਤੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਅੱਜ ਚੇਤ ਮਹੀਨੇ ਦੀ ਸੰਗਰਾਦ ਮੌਕੇ ਨਵੇਂ ਸਾਲ ਦੀ ਸ਼ੁਰੂਆਤ ’ਤੇ ਵਧਾਈ ਦਿੱਤੀ। ਪੀਐਮ ਨੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ। ਵਾਹਿਗੁਰੂ ਜੀ ਦੀ ਬੇਅੰਤ ਕਿਰਪਾ ਰਹੇ ਤੇ ਉਹ ਸਾਰਿਆਂ ਨੂੰ ਤੰਦਰੁਸਤੀ ਅਤੇ ਖੁਸ਼ਹਾਲੀ ਬਖਸ਼ਣ।’ ਇਸੇ ਦੌਰਾਨ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਸਾਲ ਦੇ ਅਗਾਜ਼ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸਿੱਖ ਪੰਥ ਨਾਲ ਸਬੰਧਤ ਤਿਉਹਾਰ ਅਤੇ ਗੁਰਪੁਰਬ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਮਨਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਹੀ ਸਿੱਖਾਂ ਨੂੰ ਮਾਰਗ ਦਰਸ਼ਨ ਕਰਦਾ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਨਵੇਂ ਸਾਲ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ।