![](https://parvasinewspaper.com/wp-content/uploads/2024/03/Karmjit-Anmol.jpg)
‘ਆਪ’ ਨੇ ਪੰਜਾਬ ’ਚ 8 ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 8 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸਦੇ ਨਾਲ ਹੀ ਪੰਜਾਬ ’ਚ ਚੋਣ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ‘ਆਪ’ ਨੇ ਫਰੀਦਕੋਟ (ਰਾਖਵਾਂ) ਹਲਕੇ ਤੋਂ ਪੰਜਾਬੀ ਫਿਲਮ ਅਦਾਕਾਰ ਕਰਮਜੀਤ ਸਿੰਘ ਅਨਮੋਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਨੇ ਪੰਜਾਬ ਦੇ 5 ਮੌਜੂਦਾ ਮੰਤਰੀਆਂ ਨੂੰ ਵੀ ਲੋਕ ਸਭਾ ਲਈ ਉਮੀਦਵਾਰ ਐਲਾਨਿਆ ਹੈ। ਇਸਦੇ ਚੱਲਦਿਆਂ ‘ਆਪ’ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮਿ੍ਰਤਸਰ, ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਖਡੂਰ ਸਾਹਿਬ, ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਬਠਿੰਡਾ, ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਗਰੂਰ ਅਤੇ ਮੰਤਰੀ ਡਾ. ਬਲਬੀਰ ਸਿੰਘ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ। ਇਸੇ ਦੌਰਾਨ ਜਲੰਧਰ (ਰਾਖਵਾਂ) ਹਲਕੇ ਤੋਂ ਮੌਜੂਦਾ ਐਮ.ਪੀ. ਸੁਸ਼ੀਲ ਰਿੰਕੂ ’ਤੇ ਆਮ ਆਦਮੀ ਪਾਰਟੀ ਨੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਮੁੜ ਟਿਕਟ ਦੇ ਦਿੱਤੀ ਹੈ। ਇਸਦੇ ਚੱਲਦਿਆਂ ਕੁਝ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਵੀ ‘ਆਪ’ ਨੇ ਸ੍ਰੀ ਫਤਿਹਗੜ੍ਹ ਸਾਹਿਬ (ਰਾਖਵਾਂ) ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਪੰਜਾਬ ਦੇ ਹੋਰ 5 ਲੋਕ ਸਭਾ ਹਲਕਿਆਂ ਤੋਂ ਵੀ ਆਮ ਆਦਮੀ ਪਾਰਟੀ ਵਲੋਂ ਜਲਦੀ ਉਮੀਦਵਾਰ ਐਲਾਨੇ ਜਾਣ ਦੀ ਸੰਭਾਵਨਾ ਹੈ।