ਬੀਬੀ ਜਗੀਰ ਕੌਰ ਦੀ ਵੀ ਹੋਈ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪ੍ਰਨੀਤ ਕੌਰ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ’ਚ ਭਾਜਪਾ ਵਿਚ ਸ਼ਾਮਲ ਹੋਏ ਇਸ ਮੌਕੇ ਭਾਜਪਾ ਲੀਡਰਸ਼ਿਪ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨ ਤੋਂ ਬਾਅਦ ਪ੍ਰਨੀਤ ਕੌਰ ਨੇ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋ ਕੇ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਭਾਜਪਾ ਹਾਈ ਕਮਾਂਡ ਮੈਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੀ। ਪ੍ਰਨੀਤ ਕੌਰ ਨੇ ਅੱਜ ਹੀ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਜਪਾ ਪ੍ਰਨੀਤ ਕੌਰ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ। ਉਧਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਘਰ ਵਾਪਸੀ ਕਰ ਲਈ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਬੇਗੋਵਾਲ ਵਿਖੇ ਅੱਜ ਬੀਬੀ ਜਗੀਰ ਕੌਰ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲੀ ਸੀ, ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗੇ। ਧਿਆਨ ਰਹੇ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।