Breaking News
Home / ਹਫ਼ਤਾਵਾਰੀ ਫੇਰੀ / ਦਿੱਲੀ ‘ਚ ਕਿਸਾਨਾਂ ਦੀ ਸਫਲ ਮਹਾਂ ਪੰਚਾਇਤ

ਦਿੱਲੀ ‘ਚ ਕਿਸਾਨਾਂ ਦੀ ਸਫਲ ਮਹਾਂ ਪੰਚਾਇਤ

ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖਿਲਾਫ਼ ਲਿਆਂਦਾ ਮਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਵੀਰਵਾਰ ਨੂੰ ਕਿਸਾਨਾਂ ਦੀ ਮਹਾਂ ਪੰਚਾਇਤ ਹੋਈ ਅਤੇ ਇਸ ‘ਚ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕਿਸਾਨਾਂ ਨੇ ਹਿੱਸਾ ਲਿਆ। ਪ੍ਰੰਤੂ ਮਹਾਂ ਪੰਚਾਇਤ ਵਿਚ ਪੰਜਾਬ ਦੇ ਕਿਸਾਨਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਸੀ।
ਮਹਾਂ ਪੰਚਾਇਤ ਨੂੰ ਸੰਬੋਧਨ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਤੁਹਾਨੂੰ ਡਰਾਉਣ, ਧਮਕਾਉਣ ਅਤੇ ਰਸਤਿਆਂ ‘ਚ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਤੁਸੀਂ ਡਰੇ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਧਨਾਢ ਲੋਕਾਂ ਦੀ ਨਜ਼ਰ ਤੁਹਾਡੀਆਂ ਜ਼ਮੀਨਾਂ ‘ਤੇ ਹੈ ਅਤੇ ਜ਼ਮੀਨਾਂ ਨੂੰ ਬਚਾਉਣ ਲਈ ਅੰਦੋਲਨ ਜ਼ਰੂਰੀ ਹੈ। ਮਹਾਂ ਪੰਚਾਇਤ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਖਿਲਾਫ਼ ਇਕ ਮਤਾ ਲਿਆਂਦਾ ਗਿਆ। ਜਿਸ ਅਨੁਸਾਰ 9 ਦਿਨਾਂ ਬਾਅਦ ਕਿਸਾਨ ਪਿੰਡ-ਪਿੰਡ ‘ਚ ਲੋਕਤੰਤਰ ਬਚਾਓ ਦਿਵਸ ਮਨਾਉਂਦੇ ਹੋਏ ਪ੍ਰਦਰਸ਼ਨ ਕਰਨਗੇ। ਮਤੇ ‘ਚ ਜ਼ਿਕਰ ਕੀਤਾ ਗਿਆ ਹੈ ਕਿ ਐਮਐਸਪੀ ਨੂੰ ਲੈ ਕੇ 9 ਦਸੰਬਰ 2021 ਨੂੰ ਹੋਏ ਸਮਝੌਤੇ ਨੂੰ ਕੇਂਦਰ ਸਰਕਾਰ ਨੇ ਹੁਣ ਤੱਕ ਲਾਗੂ ਨਹੀਂ ਕੀਤਾ। 2014 ਤੋਂ 2022 ਤੱਕ ਕਰਜ਼ੇ ਦੇ ਬੋਝ ਥੱਲੇ ਦਬੇ ਇਕ ਲੱਖ ਤੋਂ ਵੱਧ ਕਿਸਾਨਾਂ ਨੇ ਆਤਮ ਹੱਤਿਆ ਕੀਤੀ ਪ੍ਰੰਤੂ ਕੇਂਦਰ ਸਰਕਾਰ ਨੇ ਕਰਜ਼ਾ ਮੁਆਫ਼ੀ ਦੀ ਯੋਜਨਾ ਵੀ ਲਾਗੂ ਨਹੀਂ ਕੀਤਾ। ਬਿਜਲੀ ਖੇਤਰ ਦਾ ਤੇਜੀ ਨਾਲ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਆਰੋਪੀਆਂ ਨੂੰ ਸਜ਼ਾ ਦੇਣ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਟਿਕਟਾਂ ਦੇ ਨਿਵਾਜਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਜੇਕਰ ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਇਹੀ ਰਵੱਈਆ ਰਿਹਾ ਤਾਂ ਕਿਸਾਨ ਕੇਂਦਰ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਲੜਨਗੇ।
ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਐਮਅੇਸਪੀ ਦੇ ਲਈ ਕਿਸਾਨਾਂ ਦੀ ਲੜਾਈ ਜਾਰੀ ਰਹੇਗੀ। ਕਿਸਾਨ ਆਗੂ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਬੈਰੀਕੇਡਿੰਗ ਕਰਕੇ ਦਿੱਲੀ ਜਾਣ ਤੋਂ ਰੋਕਿਆ ਅਤੇ ਹੁਣ ਕਿਸਾਨ ਸਿਆਸੀ ਆਗੂਆਂ ਨੂੰ ਪਿੰਡਾਂ ‘ਚ ਆਉਣ ਤੋਂ ਰੋਕਣਗੇ।
ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿਚ ਹੋਈ ਸ਼ਾਮਲ
ਨਵੀਂ ਦਿੱਲੀ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪ੍ਰਨੀਤ ਕੌਰ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ‘ਚ ਭਾਜਪਾ ਵਿਚ ਸ਼ਾਮਲ ਹੋਏ ਇਸ ਮੌਕੇ ਭਾਜਪਾ ਲੀਡਰਸ਼ਿਪ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨ ਤੋਂ ਬਾਅਦ ਪ੍ਰਨੀਤ ਕੌਰ ਨੇ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋ ਕੇ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਭਾਜਪਾ ਹਾਈ ਕਮਾਂਡ ਮੈਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਜਪਾ ਪ੍ਰਨੀਤ ਕੌਰ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ।
ਬੀਬੀ ਜਗੀਰ ਕੌਰ ਦੀ ਵੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਘਰ ਵਾਪਸੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਬੇਗੋਵਾਲ ਵਿਖੇ ਵੀਰਵਾਰ ਬੀਬੀ ਜਗੀਰ ਕੌਰ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲੀ ਸੀ, ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗੇ। ਧਿਆਨ ਰਹੇ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

 

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …