ਕਿਹਾ : ਸੂਬਾ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ
ਕੀਰਤਪੁਰ ਸਾਹਿਬ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਅਤੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਪਿੰਡ ਪ੍ਰਿਥੀਪੁਰ ਵਿੱਚ ਬਸਪਾ ਦੇ ਸੰਸਥਾਪਕ ਮਰਹੂਮ ਬਾਬੂ ਕਾਸ਼ੀ ਰਾਮ ਦੇ ਜੱਦੀ ਘਰ ਪੁੱਜੇ।
ਪੰਜਾਬ ਸਰਕਾਰ ‘ਤੇ ਸਵਾਲ ਚੁੱਕਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਝੂਠੀਆਂ ਗੱਲਾਂ ਕਰਕੇ ਲੋਕਾਂ ਨੂੰ ਇੱਕ ਵਾਰ ਬੇਵਕੂਫ ਬਣਾਇਆ ਜਾ ਸਕਦਾ ਹੈ ਪਰ ਦੂਜੀ ਵਾਰ ਲੋਕ ਕੰਮ ਤੇ ਕਿਰਦਾਰ ਦੇਖ ਕੇ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋਈ ਹੈ।
ਇਸ ਲਈ ਲੋਕਾਂ ਦਾ ਧਿਆਨ ਭਟਕਾਉਣ ਲਈ ਸੱਤਾਧਾਰੀ ਪਾਰਟੀ ਦੇ ਵਿਧਾਇਕ ਤੇ ਮੰਤਰੀ ਵਿਧਾਨ ਸਭਾ ਵਿੱਚ ਗਾਲ਼ੀ ਗਲੋਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਵਿਧਾਨ ਸਭਾ ਵਿਚ ਕੀਤੀ ਕਾਰਵਾਈ ਨਿੰਦਣਯੋਗ ਹੈ।
ਵਿਧਾਇਕ ਪਠਾਣਮਾਜਰਾ ਵੱਲੋਂ ਨੌਜਵਾਨ ਪੱਤਰਕਾਰ ਨਾਲ ਉਲਝਣ ਦੇ ਮਾਮਲੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸਿੱਧੂ ਨੇ ਕਿਹਾ ਕਿ ਮੀਡੀਆ ਨਾਲ ਉਲਝਣਾ ਨਹੀਂ ਚਾਹੀਦਾ। ਪਠਾਣਮਾਜਰਾ ਵਰਗੇ ਕਈ ਆਏ ਤੇ ਕਈ ਗਏ। ਸਿੱਧੂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਰਾਮਰਾਜ ਦੀ ਗੱਲ ਕਰਦੀ ਹੈ ਪਰ ਅਸਲੀ ਰਾਮਰਾਜ ਸਥਾਪਤ ਕਰਨ ਲਈ ਸਾਰਿਆਂ ਨੂੰ ਬਰਾਬਰ ਦੇ ਅਧਿਕਾਰ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ 15 ਸਾਲ ਵਿੱਚ ਜਨਗਣਨਾ ਨਹੀਂ ਕਰਵਾਈ ਗਈ ਅਤੇ ਨਾ ਹੀ ਸਰਕਾਰ ਕੋਲ ਕੋਈ ਡਾਟਾ ਹੈ, ਜਿਸ ਨਾਲ ਇਹ ਪਤਾ ਲੱਗ ਸਕੇ ਕਿ ਕਿੰਨੇ ਲੋਕ ਦੇਸ਼ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ।