Breaking News
Home / ਕੈਨੇਡਾ / Front / ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ‘ਆਪ’ ’ਚ ਹੋਏ ਸ਼ਾਮਲ

ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ‘ਆਪ’ ’ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸਵਾਗਤ


ਹੁਸ਼ਿਆਰਪੁਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਦੇ ਉਪ ਆਗੂ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਡਾ. ਰਾਜ ਕੁਮਾਰ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਨ ਤੋਂ ਬਾਅਦ ਡਾ. ਰਾਜ ਕੁਮਾਰ ਨੇ ਕਿਹਾ ਕਿ ਉਹ ਮਾਨ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਹਾਈ ਕਮਾਂਡ ਜੋ ਸੇਵਾ ਸੌਂਪੇਗੀ ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਹੀ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕ ਦੇ ਅਹੁਦੇ ਅਤੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਡਾ. ਰਾਜ ਕੁਮਾਰ ਨੂੰ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …