11.7 C
Toronto
Thursday, October 2, 2025
spot_img
Homeਪੰਜਾਬਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ 'ਚ ਰੇਲ ਗੱਡੀਆਂ ਰੋਕੀਆਂ

ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ‘ਚ ਰੇਲ ਗੱਡੀਆਂ ਰੋਕੀਆਂ

ਮਸਲੇ ਹੱਲ ਨਾ ਹੋਣ ‘ਤੇ ਕੇਂਦਰ ਖਿਲਾਫ ਜਤਾਇਆ ਰੋਸ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਰੇਲ ਗੱਡੀਆਂ ਰੋਕਣ ਸਬੰਧੀ ਦਿੱਤੇ ਸੱਦੇ ਦੀ ਹਮਾਇਤ ਵਿੱਚ ਪੰਜ ਹੋਰ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ ਐਤਵਾਰ ਨੂੰ 10 ਥਾਵਾਂ ‘ਤੇ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕੀਆਂ।
ਇਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਮਾਲਵਾ (ਹੀਰਕੇ) ਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਸ਼ਾਮਲ ਹਨ। ਇਨ੍ਹਾਂ ਧਰਨਿਆਂ ਦੀ ਅਗਵਾਈ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਕੀਤੀ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੇ ਡਾ. ਦਰਸ਼ਨਪਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਬਠਿੰਡਾ ਜੰਕਸ਼ਨ, ਮਾਨਸਾ, ਬਰਨਾਲਾ, ਸੰਗਰੂਰ, ਹੁਸ਼ਿਆਰਪੁਰ, ਵੱਲਾ ਫਾਟਕ ਅੰਮ੍ਰਿਤਸਰ, ਪਟਿਆਲਾ ਛਾਉਣੀ, ਅਜੀਤਵਾਲ ਮੋਗਾ, ਮੰਡੀ ਅਹਿਮਦਗੜ੍ਹ, ਲੁਧਿਆਣਾ ਤੇ ਜਲਾਲਾਬਾਦ, ਪੱਛਮੀ ਫਾਜ਼ਿਲਕਾ ‘ਚ ਵੱਡੀ ਗਿਣਤੀ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕੀਤੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ।
ਕਿਸਾਨ ਆਗੂਆਂ ਨੇ ਆਰੋਪ ਲਾਇਆ ਕਿ ਭਾਜਪਾ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਲਾਠੀਆਂ, ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕਰਕੇ ਕਿਸਾਨਾਂ ਦੀ ਜਮਹੂਰੀ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦਰਸ਼ਨਪਾਲ ਵੱਲੋਂ ਕਿਸਾਨ ਧਿਰਾਂ ਨੂੰ ਏਕੇ ਦਾ ਹੋਕਾ
ਪਟਿਆਲਾ : ਪਟਿਆਲਾ ‘ਚ ਇੱਕ ਧਰਨੇ ਦੀ ਅਗਵਾਈ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਅਤੇ 32 ਜਥੇਬੰਦੀਆਂ ‘ਤੇ ਆਧਾਰਤ ਐੱਸਕੇਐੱਮ (ਸੰਯੁਕਤ ਕਿਸਾਨ ਮੋਰਚਾ) ਦੇ ਮੈਂਬਰ ਡਾ. ਦਰਸ਼ਨਪਾਲ ਪਟਿਆਲਾ ਨੇ ਸਮੁੱਚੀਆਂ ਕਿਸਾਨ ਧਿਰਾਂ ਨੂੰ ਇਕਜੁੱਟ ਹੋਣ ਦਾ ਹੋਕਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐੱਸਕੇਐੱਮ (ਗੈਰਸਿਆਸੀ) ਅਤੇ ਕਿਸਾਨ-ਮਜ਼ਦੂਰ ਸ਼ੰਘਰਸ਼ ਕਮੇਟੀ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਲੜੇ ਜਾ ਰਹੇ ਅੰਦੋਲਨ ਦੇ ਸਬੰਧ ‘ਚ 32 ਕਿਸਾਨ ਜਥੇਬੰਦੀਆਂ ‘ਤੇ ਆਧਾਰਤ ਐੱਸਕੇਐੱਮ ਵੱਲੋਂ ਏਕਾ ਯਕੀਨੀ ਬਣਾਉਣ ਲਈ 6 ਮੈਂਬਰੀ ਏਕਤਾ ਕਮੇਟੀ ਵੀ ਗਠਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਏਕੇ ‘ਚ ਬੜੀ ਬਰਕਤ ਹੈ। ਇਸ ਕਰਕੇ ਨਵਾਂ ਅੰਦੋਲਨ ਵੀ ਏਕੇ ਨਾਲ ਲੜਨਾ ਚਾਹੀਦਾ ਹੈ।

RELATED ARTICLES
POPULAR POSTS