16.1 C
Toronto
Wednesday, October 1, 2025
spot_img
Homeਪੰਜਾਬਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ 'ਆਪ' ਵਿੱਚ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜੀਪੀ 2017 ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਹਲਕੇ ਤੋਂ ਚੋਣ ਲੜੀ ਪਰ ਸਫਲ ਨਹੀਂ ਹੋਏ ਸਨ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੀਪੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸ੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ‘ਆਪ’ ਨੂੰ ਹੁਲਾਰਾ ਮਿਲੇਗਾ। ਜੀਪੀ ਆਪਣੇ ਵੱਡੀ ਗਿਣਤੀ ਸਮਰਥਕਾਂ ਨਾਲ ‘ਆਪ’ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਜੀਪੀ ਨੇ ਕਿਹਾ ਕਿ ਕਾਂਗਰਸ ਛੱਡਣ ਦਾ ਮੁੱਖ ਕਾਰਨ ਪਾਰਟੀ ਵਿੱਚ ਅਨੁਸ਼ਾਸਨ ਦੀ ਕਮੀ ਹੈ। ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੂਬੇ ਵਿਚ ਕਈ ਕੰਮ ਕਰਵਾਏ ਹਨ ਜਿਸ ਕਰ ਕੇ ਅੱਜ ਆਮ ਆਦਮੀ ‘ਆਪ’ ਬਾਰੇ ਹੀ ਗੱਲ ਕਰਦਾ ਹੈ। ਮੀਡੀਆ ਨੇ ਮੰਤਰੀ ਨੂੰ ਪੁੱਛਿਆ ਕਿ ਕੀ ਪਾਰਟੀ ਜੀਪੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਬਣਾਏਗੀ ਤਾਂ ਮੀਤ ਹੇਅਰ ਨੇ ਕਿਹਾ ਕਿ ਟਿਕਟ ਦੇਣ ਦਾ ਫੈਸਲਾ ‘ਆਪ’ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਹੀ ਕਰੇਗੀ ਜਿਸ ਬਾਰੇ ਆਖ਼ਰੀ ਫੈਸਲਾ ਪਾਰਟੀ ਹਾਈ ਕਮਾਨ ਦਾ ਹੋਵੇਗਾ।
ਬਾਜਵਾ ਨੇ ਭਗਵੰਤ ਮਾਨ ਦੀ ਚੋਣ ਲੜਨ ਦੀ ਚੁਣੌਤੀ ਕਬੂਲੀ
ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਲੜਨ ਸਬੰਧੀ ਮੁੱਖ ਮੰਤਰੀ ਦੀ ਚੁਣੌਤੀ ਨੂੰ ਕਬੂਲਦਿਆਂ ਭਗਵੰਤ ਮਾਨ ਖਿਲਾਫ ਲੋਕ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣ ਲੜਨ ਦੇ ਇੱਛੁਕ ਨਹੀਂ ਹਨ, ਜੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਕਿਸੇ ਵੀ ਲੋਕ ਸਭਾ ਹਲਕੇ ਤੋਂ ਚੋਣ ਲੜਦੇ ਹਨ ਤਾਂ ਉਹ ਉਨ੍ਹਾਂ ਵਿਰੁੱਧ ਚੋਣ ਜ਼ਰੂਰ ਲੜਨਗੇ। ਉਨ੍ਹਾਂ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਪਤੀ-ਪਤਨੀ ਵਾਲਾ ਰਿਸ਼ਤਾ ਕਰਾਰਿਆ ਜੋ ਚੋਣਾਂ ਸਮੇਂ ਇਕੱਠੇ ਹੋ ਜਾਂਦੇ ਹਨ ਅਤੇ ਬਾਅਦ ਵਿੱਚ ਵੱਖ-ਵੱਖ ਹੋ ਜਾਂਦੇ ਹਨ।

 

 

RELATED ARTICLES
POPULAR POSTS