Breaking News
Home / ਪੰਜਾਬ / ਸੁਖਬੀਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਯੋਗਦਾਨ ਨੂੰ ਕੀਤਾ ਯਾਦ

ਸੁਖਬੀਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਯੋਗਦਾਨ ਨੂੰ ਕੀਤਾ ਯਾਦ

ਪਹਿਲੀ ਬਰਸੀ ‘ਤੇ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ
ਲੰਬੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਉਨ੍ਹਾਂ ਦੀ ਹਲੀਮੀ, ਨਿਮਰ ਸੁਭਾਅ ਤੋਂ ਇਲਾਵਾ ਉਨ੍ਹਾਂ ਵੱਲੋਂ ਦੇਸ਼, ਕੌਮ ਤੇ ਪੰਜਾਬ ਦੇ ਹਿੱਤਾਂ ਲਈ ਪਾਏ ਗਏ ਯੋਗਦਾਨ ਨੂੰ ਸਮਰਪਿਤ ਰਹੀ। ਐਤਵਾਰ ਨੂੰ ਪਿੰਡ ਬਾਦਲ ਵਿੱਚ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਵੱਡੀ ਗਿਣਤੀ ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਪਹੁੰਚ ਕੇ ਮਰਹੂਮ ਆਗੂ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਚੌਟਾਲਾ ਪਰਿਵਾਰ ਵੱਲੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਅਤੇ ਦੁਸ਼ਯੰਤ ਚੌਟਾਲਾ ਮੌਜੂਦ ਸਨ। ਬਰਸੀ ਸਮਾਗਮ ਮੌਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਸਮੁੱਚਾ ਜੀਵਨ ਕਿਸਾਨਾਂ ਤੇ ਮਜ਼ਦੂਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਲੇਖੇ ਲੱਗਿਆ। ਉਨ੍ਹਾਂ ਚੌਟਾਲਾ ਤੇ ਬਾਦਲ ਪਰਿਵਾਰ ਦੇ ਆਪਸੀ ਸਬੰਧਾਂ ਨੂੰ ਵੀ ਚੇਤੇ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਵੱਡੇ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਵਰਗਾ ਬਣਨਾ ਬਹੁਤ ਔਖਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਵੱਡੇ ਬਾਦਲ ਦੇ ਗੁਣਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ਰਾਸ਼ਟਰਪ੍ਰਸਤ, ਸੱਚੇ ਲੋਕਤੰਤਰੀ ਤੇ ਧਰਮ ਨਿਰਪੱਖ ਸਨ। ਉਨ੍ਹਾਂ ਹਮੇਸ਼ਾਂ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਭ ਨੂੰ ਨਾਲ ਲਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਬਾਦਲ ਹੋਰਾਂ ਵਰਗਾ ਬਣਨਾ ਅਸੰਭਵ ਹੈ ਪਰ ਉਹ ਭਰੋਸਾ ਦਿਵਾਉਂਦੇ ਹਨ ਕਿ ਕੌਮ ਤੇ ਪੰਜਾਬ ਲਈ ਉਹ ਵੱਡੇ ਬਾਦਲ ਵਾਂਗ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੱਡੇ ਬਾਦਲ ਨੂੰ ਸ਼ਿਸ਼ਟਾਚਾਰ ਦੀ ਜਿਊਂਦੀ ਜਾਗਦੀ ‘ਕਿਤਾਬ’ ਦੱਸਦੇ ਹੋਏ ਕਿਹਾ ਕਿ ਉਹ ਸਿਆਸਤ ਵਿੱਚ ਲੰਬਾ ਜੀਵਨ ਬਤੀਤ ਕਰਨ ਦੇ ਬਾਵਜੂਦ ਹਮੇਸ਼ਾ ਹਊਮੈ-ਹੰਕਾਰ ਤੋਂ ਕੋਹਾਂ ਦੂਰ ਰਹੇ। ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਚੌਟਾਲਾ ਪਰਿਵਾਰ ਵਿੱਚ ਬਹੁਤ ਸਤਿਕਾਰ ਸੀ। ਉਨ੍ਹਾਂ ਕਿਹਾ ਕਿ ਕਿਸਾਨ ਹਿੱਤਾਂ ਲਈ ਪੰਜਾਬ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਸਭ ਤੋਂ ਵੱਧ ਸੰਘਰਸ਼ ਕੀਤਾ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਅੱਜ ਚੌਧਰੀ ਦੇਵੀ ਲਾਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਸੰਘਰਸ਼ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ ਕਿ ਹਰੇਕ ਸਿਆਸੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਕਿਸਾਨ ਸ਼ਬਦ ਸਭ ਤੋਂ ਪਹਿਲਾਂ ਆਉਂਦਾ ਹੈ। ਉਨ੍ਹਾਂ ਮਰਹੂਮ ਬਾਦਲ ਨੂੰ ਭਾਰਤ ਦਾ ਨੈਲਸਨ ਮੰਡੇਲਾ ਦੱਸਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸਾਰੀਆਂ ਸਿਆਸੀ ਪਾਰਟੀਆਂ ਮਹਿਸੂਸ ਕਰ ਰਹੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਸੀਪੀਆਈ (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੇਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਬਤੌਰ ਵਿਧਾਨਕਾਰ ਦੂਜੀਆਂ ਸਿਆਸੀ ਧਿਰਾਂ ਨਾਲ ਵਿਵਹਾਰ ਦੀਆਂ ਉੱਚੀਆਂ ਕਦਰਾਂ-ਕੀਮਤਾਂ ਨੂੰ ਕਾਇਮ ਕੀਤਾ। ਸੀਪੀਆਈ ਦੇ ਸੂਬਾ ਸਕੱਤਰ ਬੰਤ ਬਰਾੜ ਨੇ ਬਾਦਲ ਵੱਲੋਂ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਯੋਗਦਾਨ ‘ਤੇ ਚਾਨਣਾ ਪਾਇਆ। ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਅਨੰਤਬੀਰ ਸਿੰਘ ਬਾਦਲ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਪਰਮਜੀਤ ਸਿੰਘ ਸਰਨਾ, ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਆਦਿ ਨੇ ਸੰਬੋਧਨ ਕੀਤਾ।

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …