Breaking News
Home / ਕੈਨੇਡਾ / Front / ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਸੰਮਨ ਮਾਮਲੇ ’ਚ ਮਿਲੀ ਜ਼ਮਾਨਤ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਸੰਮਨ ਮਾਮਲੇ ’ਚ ਮਿਲੀ ਜ਼ਮਾਨਤ

ਕੇਜਰੀਵਾਲ ਨੂੰ ਵਿਅਕਤੀਗਤ ਪੇਸ਼ੀ ਤੋਂ ਵੀ ਮਿਲੀ ਛੋਟ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਨੀਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਵਿਅਕਤੀਗਤ ਪੇਸ਼ੀ ਤੋਂ ਛੋਟ ਦਿੰਦੇ ਹੋਏ 15 ਹਜ਼ਾਰ ਰੁਪਏ ਦਾ ਨਿੱਜੀ ਮੁਚੱਲਕਾ ਭਰਨ ਦਾ ਹੁਕਮ ਦਿੱਤਾ। ਜਿਸ ਤੋਂ ਬਾਅਦ ਐਡੀਸ਼ਨਲ ਚੀਫ਼ ਮੈਟਰੋਪੋਲਿਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਕੇਜਰੀਵਾਲ ਨੂੰ ਕੋਰਟ ਤੋਂ ਜਾਣ ਦੀ ਆਗਿਆ ਦੇ ਦਿੱਤੀ। ਇਸ ਤੋਂ ਬਾਅਦ ਕੇਜਰੀਵਾਲ ਦੇ ਵਕੀਲਾਂ ਵੱਲੋਂ ਦਲੀਲਾਂ ਰੱਖੀਆਂ ਗਈਆਂ, ਜਿਸ ’ਚ ਉਨ੍ਹਾਂ ਨੇ ਈਡੀ ਦੀ ਸ਼ਿਕਾਇਤਾਂ ਨਾਲ ਜੁੜੇ ਦਸਤਾਵੇਜ਼ ਦੀ ਮੰਗ ਕੀਤੀ। ਕੋਰਟ ਨੇ ਈਡੀ ਨੂੰ ਦਸਤਾਵੇਜ਼ ਦੇਣ ਦੇ ਹੁਕਮ ਦਿੱਤੇ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 1 ਅਪ੍ਰੈਲ ਨੂੰ ਹੋਵੇਗੀ। ਧਿਆਨ ਰਹੇ ਕਿ ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਹੁਣ ਤੱਕ 8 ਸੰਮਨ ਭੇਜੇ ਜਾ ਚੁੱਕੇ ਹਨ। ਪ੍ਰੰਤੂ ਅਰਵਿੰਦ ਕੇਜਰੀਵਾਲ ਇਕ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਈਡੀ ਵੱਲੋਂ ਭੇਜੇ ਗਏ ਸੰਮਨਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਇਸ ਦੇ ਚਲਦਿਆਂ ਹੀ ਈਡੀ ਨੇ ਅਰਵਿੰਦ ਕੇਜਰੀਵਾਲ ਖਿਲਾਫ਼ ਦਿੱਲੀ ਦੀ ਰਾਊਜ਼ ਐਵੇਨਿਊ ਆਦਲਤ ਵਿਚ ਇਕ ਪਟੀਸ਼ਨ ਦਾਖਲ ਕੀਤੀ ਸੀ, ਜਿਸ ’ਤੇ ਸੁਣਵਾਈ ਕਰਦਿਆਂ ਦਿੱਲੀ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

Check Also

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਭਖਿਆ

ਕਾਂਗਰਸ ਪਾਰਟੀ ਵਲੋਂ ਵੀ ਉਮੀਦਵਾਰ ਦਾ ਐਲਾਨ ਜਲਦੀ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ …