ਬਾਦਲ ਪਰਿਵਾਰ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਉਤਾਰੇਗਾ ਚੋਣ ਮੈਦਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਇਸ ਵਾਰ ਦੀਆਂ ਲੋਕ ਸਭਾ ਚੋਣਾਂ ’ਚ ਇਕ ਪਰਿਵਾਰ ਇਕ ਟਿਕਟ ਫਾਰਮੂਲਾ ਲਾਗੂ ਕਰੇਗਾ। ਯਾਨੀ ਕਿ ਲੋਕ ਸਭਾ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਜਾਂ ਹਰਸਿਮਰਤ ਕੌਰ ਬਾਦਲ ਵਿਚੋਂ ਵੀ ਇਕ ਮੈਂਬਰ ਹੀ ਚੋਣ ਮੈਦਾਨ ਵਿਚ ਉਤਰੇਗਾ। ਜਦਕਿ 2019 ਦੀਆਂ ਲੋਕ ਸਭਾ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਅਤੇ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਤੋਂ ਚੋਣ ਲੜੀ ਸੀ ਅਤੇ ਦੋਵੇਂ ਆਪਣੀ-ਆਪਣੀ ਸੀਟ ਤੋਂ ਜੇਤੂ ਰਹੇ ਸਨ। ਭਲਕੇ ਸ਼ੁੱਕਰਵਾਰ 22 ਮਾਰਚ ਨੂੰ ਚੰਡੀਗੜ੍ਹ ’ਚ ਸ਼੍ਰੋਮਣੀ ਅਕਾਲੀ ਦਲ ਦੀ ਹੋਣ ਵਾਲੀ ਕੋਰ ਕਮੇਟੀ ਦੀ ਮੀਟਿੰਗ ਵਿਚ ਇਕ ਪਰਿਵਾਰ ਇਕ ਟਿਕਟ ਸਬੰਧੀ ਫਾਰਮੂਲਾ ਲਾਗੂ ਕਰਨ ’ਤੇ ਮੰਥਨ ਕੀਤਾ ਜਾ ਸਕਦਾ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਹਰਸਿਮਰਤ ਕੌਰ ਬਾਦਲ ਇਸ ਵਾਰ ਵੀ ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਚੋਣ ਮੈਦਾਨ ’ਚ ਉਤਰਨਗੇ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੀ ਚਰਚਾ ਸੀ। ਸ਼ੋ੍ਰਮਣੀ ਅਕਾਲੀ ਦਲ ਲੋਕ ਸਭਾ ਚੋਣਾਂ ਪ੍ਰਤੀ ਕਾਫ਼ੀ ਗੰਭੀਰ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਜਰੀਏ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।