ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਘਿਰੇ ਹਨ ‘ਆਪ’ ਆਗੂ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦਿੱਲੀ ਆਬਕਾਰੀ ਨੀਤੀ ਕੇਸ ਦੀ ਅਗਲੀ ਸੁਣਵਾਈ 6 ਅਪਰੈਲ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਕੇਸ ਦੀ ਸੁਣਵਾਈ ਲਈ ਰਾਊਜ਼ ਐਵੇਨਿਊ ਅਦਾਲਤ ਪਹੁੰਚੇ। ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਸੋਮਵਾਰ ਨੂੰ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਕੁਝ ਹਾਈ-ਪ੍ਰੋਫਾਈਲ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਸੀਬੀਆਈ ਨੇ ਕਿਹਾ ਕਿ ਦਿੱਲੀ ਆਬਕਾਰੀ ਨੀਤੀ ਕੇਸ ਦੀ ਜਾਂਚ ਚੱਲ ਰਹੀ ਹੈ ਅਤੇ ਮੁਲਜ਼ਮ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸੇ ਦੌਰਾਨ ਦਿੱਲੀ ਆਬਕਾਰੀ ਨੀਤੀ ਸਬੰਧੀ ਮਾਮਲੇ ‘ਚ ਗ੍ਰਿਫ਼ਤਾਰ ਬੀਆਰਐੱਸ ਨੇਤਾ ਕੇ. ਕਵਿਤਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ‘ਚੋਂ ਵਾਪਸ ਲੈ ਲਈ ਹੈ। ਕੇ. ਕਵਿਤਾ ਦੇ ਵਕੀਲ ਨੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੇ ਬੈਂਚ ਨੂੰ ਕਿਹਾ ਕਿ ਉਹ ਈਡੀ ਦੇ ਸੰਮਨਾਂ ਨੂੰ ਚੁਣੌਤੀ ਵਾਲੀ ਪਟੀਸ਼ਨ ਵਾਪਸ ਲੈ ਰਹੇ ਹਨ। ਕਵਿਤਾ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਪਟੀਸ਼ਨ ‘ਚ ਉਸ ਨੇ ਆਪਣੇ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਸੀ। ਈਡੀ ਨੇ ਦਿੱਲੀ ਆਬਕਾਰੀ ਨੀਤੀ ਸਬੰਧੀ ਮਾਮਲੇ ‘ਚ ਕਵਿਤਾ ਨੂੰ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।