Breaking News
Home / ਪੰਜਾਬ / ਹੋਲਾ-ਮਹੱਲਾ ਧਾਰਮਿਕ ਰਵਾਇਤਾਂ ਅਨੁਸਾਰ ਮਨਾਉਣ ਦੀ ਅਪੀਲ

ਹੋਲਾ-ਮਹੱਲਾ ਧਾਰਮਿਕ ਰਵਾਇਤਾਂ ਅਨੁਸਾਰ ਮਨਾਉਣ ਦੀ ਅਪੀਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੌਜਵਾਨਾਂ ਨੂੰ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਖ਼ਾਲਸਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਧਾਰਮਿਕ ਰਵਾਇਤਾਂ ਅਨੁਸਾਰ ਮਨਾਇਆ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ।
ਅੰਮ੍ਰਿਤਸਰ ਵਿਚ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਿਸ਼ੇਸ਼ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਇਸ ਸਬੰਧੀ ਮੀਟਿੰਗ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵੱਲ੍ਹਾ ਵਿਖੇ ਹੋਈ। ਇਸ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ ਮਹੱਲਾ ਮਨਾਉਣ ਦੀ ਪਰੰਪਰਾ ਆਰੰਭ ਕੀਤੀ ਸੀ। ਪਿਛਲੇ ਕੁਝ ਸਮੇਂ ਤੋਂ ਕੁਝ ਸ਼ਰਾਰਤੀ ਲੋਕ ਗੁਰੂਘਰ ਦੀ ਮਰਿਆਦਾ ਦੇ ਉਲਟ ਹੁਲੜਬਾਜ਼ੀ ਕਰਕੇ ਸੰਗਤ ਲਈ ਪ੍ਰੇਸ਼ਾਨੀ ਪੈਦਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਹੋਲਾ-ਮਹੱਲਾ ਖਾਲਸਈ ਜਾਹੋ ਜਲਾਲ ਦਾ ਪ੍ਰਤੀਕ ਹੈ, ਜਿਸ ਨੂੰ ਧਾਰਮਿਕ ਪਰੰਪਰਾਵਾਂ ਅਨੁਸਾਰ ਹੀ ਮਨਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਵਿੱਚ ਗੋਇੰਦਵਾਲ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਜਿਥੇ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦਾ ਦਫ਼ਤਰ ਖੋਲ੍ਹਿਆ ਜਾਵੇਗਾ, ਉਥੇ ਹੀ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ 14 ਅਪਰੈਲ ਨੂੰ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ।

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …