ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਨੇ ਹਿਰਾਸਤ ’ਚ ਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਲੰਘੇ ਕੱਲ੍ਹ ਵੀਰਵਾਰ ਨੂੰ ਦੇਰ ਸ਼ਾਮੀ 9 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗਿ੍ਰਫਤਾਰ ਕਰ ਲਿਆ ਸੀ। ਈਡੀ ਦੀ ਟੀਮ ਕੇਜਰੀਵਾਲ ਨੂੰ 10ਵਾਂ ਸੰਮਨ ਦੇਣ ਲਈ ਪਹੁੰਚੀ ਸੀ ਅਤੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ। ਕੇਜਰੀਵਾਲ ਦੀ ਗਿ੍ਰਫਤਾਰੀ ਖਿਲਾਫ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ ਤੇ ਵਰਕਰ ਪੰਜਾਬ, ਦਿੱਲੀ, ਚੰਡੀਗੜ੍ਹ ਤੇ ਹਰਿਆਣਾ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚੱਲਦਿਆਂ ਦਿੱਲੀ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਸਣੇ ਕਈ ਹੋਰ ‘ਆਪ’ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ। ਇਸੇ ਦੌਰਾਨ ‘ਆਪ’ ਵਰਕਰਾਂ ਨੇ ਹਰਿਆਣਾ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਘਰ ਦਾ ਘਿਰਾਓ ਕੀਤਾ ਅਤੇ ਇਸ ਦੌਰਾਨ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ ਅਤੇ ਰੋਸ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਤੇ ਵਰਕਰਾਂ ’ਤੇ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਵੀ ਛੱਡੀਆਂ।