ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਪਹੁੰਚੇ। ਉਥੇ ਪਹੁੰਚ ਕੇ ਪਰਨੀਤ ਕੌਰ ਨੇ ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪਰਨੀਤ ਕੌਰ ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਹੈ। ਇਸ ਸਬੰਧੀ ਪਰਨੀਤ ਕੌਰ ਨੇ ਸ਼ੋਸ਼ਲ ਮੀਡੀਆ ’ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਕਿਹਾ ਕਿ ਰਾਧਾ ਸੁਆਮੀ ਸਤਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਧਿਆਨ ਰਹੇ ਕਿ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਈ ਸਿਆਸੀ ਪਾਰਟੀਆਂ ਦੇ ਆਗੂ ਡੇਰਾ ਬਿਆਸ ਪਹੁੰਚ ਕੇ ਅਸ਼ੀਰਵਾਦ ਲੈ ਰਹੇ ਹਨ। ਪਰਨੀਤ ਕੌਰ ਇਸ ਸਮੇਂ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਹਨ ਅਤੇ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਸੋ ਇਸ ਵਾਰ ਉਨ੍ਹਾਂ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਵਲੋਂ ਟਿਕਟ ਮਿਲਣੀ ਯਕੀਨੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ, ਪਰ ਉਨ੍ਹਾਂ ਨੇ ਇਸ ਵਾਰ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।