ਇਸਲਾਮਿਕ ਸਟੇਟ ਨੇ ਹਮਲੇ ਦੀ ਲਈ ਜ਼ਿੰਮੇਵਾਰੀ
ਮਾਸਕੋ/ਬਿਊਰੋ ਨਿਊਜ਼ : ਰੂਸ ਦੀ ਰਾਜਧਾਨੀ ਮਾਸਕੋ ’ਚ ਕ੍ਰੋਕਸ ਸਿਟੀ ਹਾਲ ’ਤੇ ਹੋਏ ਅੱਤਵਾਦੀ ਹਮਲੇ ’ਚ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ 60 ਹੋ ਗਈ ਹੈ ਅਤੇ ਮੌਤਾਂ ਦਾ ਇਹ ਅੰਕੜਾ ਵਧਣ ਦੀ ਸ਼ੰਕਾ ਪ੍ਰਗਟਾਈ ਜਾ ਰਹੀ ਹੈ ਜਦਕਿ 140 ਤੋਂ ਜ਼ਿਆਦਾ ਵਿਅਕਤੀਆਂ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਮਲਾ ਲੰਘੀ ਦੇਰ ਰਾਤ ਹੋਇਆ ਅਤੇ ਇਸ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਅੱਤਵਾਦੀ ਜਥੇਬੰਦੀ ਵੱਲੋਂ ਲਈ ਗਈ ਹੈ। ਫੌਜੀ ਵਰਦੀ ਆਏ 5 ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਬੰਬ ਸੁੱਟਣ ਤੋਂ ਬਾਅਦ ਫਰਾਰ ਹੋ ਗਏ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਸਕੋ ’ਚ ਹੋਏ ਅੱਤਵਾਦੀ ਹਮਲੇ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ ਅਤੇ ਉਨ੍ਹਾਂ ਕਿਹਾ ਕਿ ਅਸੀਂ ਮਾਸਕੋ ’ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਅਸੀਂ ਇਸ ਦੁੱਖ ਦੀ ਇਸ ਘੜੀ ’ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ। ਭਾਰਤ ਵਿਚ ਰੂਸੀ ਦੂਤਾਵਾਸ ਨੇ ਟਵੀਟ ਕਰਕੇ ਕਿਹਾ ਕਿ ਮਾਸਕੋ ’ਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਸੋਗ ਅਤੇ ਦੁੱਖ ਵਜੋਂ ਰੂਸੀ ਦੂਤਾਵਾਸ ਨੇ ਰਾਸ਼ਟਰੀ ਝੰਡਾ ਅੱਧਾ ਝੁਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮਿ੍ਰਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦੇ ਹਾਂ।