
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਆਪਣੇ ਦਮ ’ਤੇ ਲੋਕ ਸਭਾ ਚੋਣਾਂ ਲੜੇਗੀ। ਇਸ ਸਬੰਧੀ ਐਲਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੀ ਰਾਏ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੀ ਵੀ ਇਹੀ ਰਾਏ ਹੈ ਕਿ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਭਾਜਪਾ ਆਪਣੇ ਦਮ ’ਤੇ ਚੋਣਾਂ ਲੜੇ। ਭਾਜਪਾ ਦੇ ਸੂਬਾ ਪ੍ਰਧਾਨ ਜਾਖੜ ਨੇ ਕਿਹਾ ਕਿ ਪੰਜਾਬ ਦੇ ਭਵਿੱਖ, ਜਵਾਨੀ-ਕਿਸਾਨੀ ਅਤੇ ਵਪਾਰੀਆਂ ਤੇ ਪਛੜੇ ਵਰਗ ਦੀ ਬਿਹਤਰੀ ਦੇ ਲਈ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਅਕਾਲੀ ਦਲ ਨਾਲ ਭਾਜਪਾ ਦਾ ਦੁਬਾਰਾ ਚੋਣ ਗਠਜੋੜ ਹੋਣ ਦੀ ਚਰਚਾ ਚੱਲ ਰਹੀ ਸੀ ਅਤੇ ਭਾਜਪਾ ਦੇ ਸੀਨੀਅਰ ਆਗੂ ਵੀ ਇਸਦੇ ਹੱਕ ਵਿਚ ਸਨ। ਇਸਦੇ ਬਾਵਜੂਦ ਵੀ ਗਠਜੋੜ ਸਬੰਧੀ ਅਜੇ ਤੱਕ ਗੱਲ ਸਿਰੇ ਨਹੀਂ ਚੜ੍ਹ ਸਕੀ। ਧਿਆਨ ਰਹੇ ਕਿ ਪੰਜਾਬ ਵਿਚ 7ਵੇਂ ਗੇੜ ਤਹਿਤ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ।