ਕਿਹਾ : ਮੁਹੱਲਾ ਕਲੀਨਿਕਾਂ ’ਚ ਦਵਾਈਆਂ ਦੀ ਨਹੀਂ ਹੋਣੀ ਚਾਹੀਦੀ ਕਮੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜੇਲ੍ਹ ਤੋਂ ਅੱਜ ਨਵਾਂ ਫੁਰਮਾਨ ਆਇਆ ਹੈ। ਉਨ੍ਹਾਂ ਵੱਲੋਂ ਜਾਰੀ ਕੀਤਾ ਗਿਆ ਫੁਰਮਾਨ ਦਿੱਲੀ ਦੇ ਸਿਹਤ ਵਿਭਾਗ ਨਾਲ ਸਬੰਧਤ ਹੈ ਅਤੇ ਇਸ ਫੁਰਮਾਨ ਰਾਹੀਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੂੰ ਸੁਚੇਤ ਕੀਤਾ ਹੈ। ਸਿਹਤ ਮੰਤਰੀ ਭਾਰਦਵਾਜ ਨੇ ਦੱਸਿਆ ਕਿ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਤੋਂ ਫੁਰਮਾਨ ਦਿੱਤਾ ਹੈ ਕਿ ਕਿਸੇ ਵੀ ਕੀਮਤ ’ਤੇ ਦਿੱਲੀ ਦੇ ਮੁਹੱਲਾ ਕਲੀਨਿਕਾਂ ਵਿਚ ਮੁਫ਼ਤ ਦਵਾਈਆਂ ਦੀ ਕਮੀ ਨਹੀਂ ਹੋਣੀ ਚਾਹੀਦੀ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਇਲਾਜ ਮਾਮਲੇ ’ਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਤੋਂ ਪਹਿਲਾਂ 24 ਮਾਰਚ ਨੂੰ ਕੇਜਰੀਵਾਲ ਨੇ ਜਲ ਮੰਤਰਾਲੇ ਦੇ ਨਾਮ ਪਹਿਲਾ ਸਰਕਾਰੀ ਹੁਕਮ ਜਾਰੀ ਕੀਤਾ ਸੀ। ਉਨ੍ਹਾਂ ਜਲ ਮੰਤਰੀ ਆਤਿਸ਼ੀ ਨੂੰ ਹੁਕਮ ਦਿੱਤਾ ਸੀ ਕਿ ਦਿੱਲੀ ’ਚ ਜਿੱਥੇ ਪਾਣੀ ਦੀ ਕਮੀ ਹੈ, ਉਥੇ ਪਾਣੀ ਦੇ ਟੈਂਕਰਾਂ ਦਾ ਪ੍ਰਬੰਧ ਕੀਤਾ ਜਾਵੇ। ਉਧਰ ਨਵੀਂ ਦਿੱਲੀ ’ਚ ਅੱਜ ਆਮ ਆਦਮੀ ਪਾਰਟੀ ਵੱਲੋਂ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਵੱਡੀ ਗਿਣਤੀ ’ਚ ਆਪ ਵਰਕਰਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।