![](https://parvasinewspaper.com/wp-content/uploads/2024/03/Sukhbir-Singh-Badal-2.jpg)
ਕਿਹਾ : ਪੰਜਾਬ ’ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ
ਬਰਨਾਲਾ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਰਨਾਲਾ ਪਹੁੰਚੇ। ਇਸੇ ਦੌਰਾਨ ਸੁਖਬੀਰ ਬਾਦਲ ਨੇ ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ ਅਤੇ ਮੁੱਖ ਮੰਤਰੀ ਦਾ ਅਸਤੀਫਾ ਵੀ ਮੰਗਿਆ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਸਿਆਸੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਵਿਚ ਲੋਕ ਜ਼ਹਿਰ ਨਾਲ ਮਰ ਰਹੇ ਹਨ ਅਤੇ ਘਰ-ਘਰ ਖੁੱਲ੍ਹੇਆਮ ਜ਼ਹਿਰੀਲੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਨੇ ‘ਆਪ’ ਵਿਧਾਇਕਾਂ ’ਤੇ ਨਸ਼ਾ ਵਿਕਵਾਉਣ ਦੇ ਆਰੋਪ ਵੀ ਲਗਵਾਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਭਗਵੰਤ ਮਾਨ ਤਾਂ ਅਰਵਿੰਦ ਕੇਜਰੀਵਾਲ ਨੂੰ ਬਚਾਉਣ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿਚ ਕਾਂਗਰਸ ਦੇ ਰਾਜ ਸਮੇਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਵਿਅਕਤੀਆਂ ਦੀ ਜਾਨ ਚਲੇ ਗਈ ਸੀ ਤਾਂ ਭਗਵੰਤ ਮਾਨ ਉਸ ਸਮੇਂ ਸੂਬੇ ਦੇ ਮੁੱਖ ਮੰਤਰੀ ਦਾ ਅਸਤੀਫਾ ਮੰਗ ਰਹੇ ਸਨ ਅਤੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਅਜਿਹੀ ਘਟਨਾ ਵਾਪਰੀ ਹੈ ਤਾਂ ਮੁੱਖ ਮੰਤਰੀ ਖੁਦ ਅਸਤੀਫਾ ਕਿਉਂ ਨਹੀਂ ਦਿੰਦੇ।