ਕਿਹਾ : ਮਾਮਲੇ ਦੀ ਹੋਵੇ ਨਿਰਪੱਖ ਜਾਂਚ
ਵਾਸ਼ਿੰਗਟਨ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਮਾਮਲੇ ਵਿਚ ਭਾਰਤ ਦੀ ਨਰਾਜ਼ਗੀ ਦੇ ਬਾਵਜੂਦ ਅਮਰੀਕਾ ਨੇ ਇਕ ਵਾਰ ਫਿਰ ਬਿਆਨ ਦਿੱਤਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਅਸੀਂ ਆਪਣੇ ਸਟੈਂਡ ’ਤੇ ਕਾਇਮ ਹਾਂ ਅਤੇ ਇਸ ਨਾਲ ਕਿਸੇ ਨੂੰ ਕੋਈ ਮੁਸ਼ਕਲ ਨਹੀਂ ਹੋਣੀ ਚਾਹੀਦੀ। ਮੈਥਿਊ ਮਿਲਰ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਕੇਜਰੀਵਾਲ ਦੀ ਗਿ੍ਰਫਤਾਰੀ ਦੇ ਮਾਮਲੇ ਵਿਚ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ’ਤੇ ਕਾਨੂੰਨੀ ਪ੍ਰਕਿਰਿਆ ਪੂਰੀ ਹੋਵੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਨੇ ਕੇਜਰੀਵਾਲ ਦੀ ਗਿ੍ਰਫਤਾਰੀ ਨੂੰ ਲੈ ਕੇ ਬਿਆਨ ਦਿੱਤਾ ਸੀ ਅਤੇ ਕਿਹਾ ਗਿਆ ਸੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਵੇ। ਭਾਰਤ ਨੇ ਵਿਦੇਸ਼ ਮੰਤਰਾਲੇ ਨੇ ਅਮਰੀਕਾ ਦੇ ਇਸ ਬਿਆਨ ਦਾ ਵਿਰੋਧ ਵੀ ਕੀਤਾ ਸੀ। ਜ਼ਿਕਰਯੋਗ ਹੈ ਕਿ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਹੋ ਚੁੱਕੀ ਹੈ।