ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਗਨੀਵੀਰ ਯੋਜਨਾ ਵਿਚ ਬਦਲਾਅ ਕਰਨ ਲਈ ਤਿਆਰ ਹੋ ਗਈ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰਤ ਪੈਣ ’ਤੇ ਅਗਨੀਵੀਰ ਭਰਤੀ ਯੋਜਨਾ ’ਚ ਬਦਲਾਅ ਕਰਨ ਲਈ ਅਸੀਂ ਤਿਆਰ ਹਾਂ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰੱਖਿਆ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਅਗਨੀਵੀਰਾਂ ਦਾ ਭਵਿੱਖ ਸੁਰੱਖਿਅਤ ਰਹੇ, ਕਿਉਂਕਿ ਭਾਰਤੀ ਫੌਜ ਨੂੰ ਨੌਜਵਾਨਾਂ ਦੀ ਜ਼ਰੂਰਤ ਹੈ। ਧਿਆਨ ਰਹੇ ਕਿ ਕੇਂਦਰ ਸਰਕਾਰ ਵੱਲੋਂ 2022 ’ਚ ਫੌਜ ਦੇ ਤਿੰਨੋਂ ਵਿਭਾਗਾਂ ਥਲਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ’ਚ ਨੌਜਵਾਨਾਂ ਨੂੰ ਭਰਤੀ ਕਰਨ ਲਈ ਅਗਨੀਪਥ ਭਰਤੀ ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਨੌਜਵਾਨਾਂ ਨੂੰ ਸਿਰਫ਼ 4 ਸਾਲ ਦੇ ਲਈ ਫੌਜ ਵਿਚ ਭਰਤੀ ਕੀਤਾ ਜਾਂਦਾ ਹੈ। ਅਗਨੀਵੀਰ ਯੋਜਨਾ ਲਾਗੂ ਹੁੰਦਿਆਂ ਹੀ ਵਿਵਾਦਾਂ ਵਿਚ ਆ ਗਈ ਸੀ ਅਤੇ ਵੱਖ-ਵੱਖ ਰਾਜਨੀਤਿਕ ਦਲਾਂ ਵੱਲੋਂ ਵੀ ਇਸ ਯੋਜਨਾ ਦਾ ਵਿਰੋਧ ਕੀਤਾ ਗਿਆ ਸੀ।