Breaking News
Home / ਹਫ਼ਤਾਵਾਰੀ ਫੇਰੀ / ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ

ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ

ਅਕਾਲੀ ਤੇ ਭਾਜਪਾਈ ਨੇੜੇ ਹੁੰਦੇ-ਹੁੰਦੇ ਹੋ ਗਏ ਦੂਰ
ਦੋਵੇਂ ਪਾਰਟੀਆਂ ਵਿਚਾਲੇ ਚੋਣ ਗਠਜੋੜ ਨੂੰ ਲੈ ਕੇ ਹੋ ਰਹੀਆਂ ਸਨ ਕੋਸ਼ਿਸ਼ਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਸਤੰਬਰ 2020 ਨੂੰ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਦੁਬਾਰਾ ਚੋਣ ਗਠਜੋੜ ਨਹੀਂ ਹੋ ਸਕਿਆ ਹੈ। ਕਰੀਬ 3 ਮਹੀਨਿਆਂ ਤੋਂ ਦੋਵੇਂ ਪਾਰਟੀਆਂ ਦੇ ਆਗੂ ਮੁੜ ਚੋਣ ਗਠਜੋੜ ਨੂੰ ਲੈ ਕੇ ਯਤਨ ਕਰ ਰਹੇ ਸਨ, ਪਰ ਇਹ ਯਤਨ ਸਿਰੇ ਨਹੀਂ ਚੜ੍ਹ ਸਕੇ। ਪਿਛਲੇ ਦਿਨੀਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕਹਿ ਦਿੱਤਾ ਸੀ ਕਿ ਭਾਜਪਾ ਪੰਜਾਬ ਵਿਚ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਪਣੇ ਦਮ ‘ਤੇ ਚੋਣਾਂ ਲੜੇਗੀ। ਸੁਨੀਲ ਜਾਖੜ ਦੇ ਇਸ ਐਲਾਨ ਤੋਂ ਬਾਅਦ ਬਠਿੰਡਾ ਵਿਚ ਭਾਜਪਾ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲ ਮਿਲ ਕੇ ਪੰਜਾਬ ਵਿਚ ਚੋਣਾਂ ਲੜਦਾ ਰਿਹਾ ਹੈ ਅਤੇ ਲੰਘੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ ਨੇ ਬਸਪਾ ਨਾਲ ਮਿਲ ਕੇ ਲੜੀਆਂ ਸਨ ਤਾਂ ਅਕਾਲੀ ਅਤੇ ਬਸਪਾ ਗਠਜੋੜ ਨੂੰ ਪੰਜਾਬ ਵਿਚ ਸਿਰਫ 4 ਸੀਟਾਂ ਹੀ ਮਿਲੀਆਂ ਸਨ। ਸੋ ਇਸ ਵਾਰ ਅਕਾਲੀ ਦਲ ਪੰਜਾਬ ਵਿਚ ਆਪਣੇ ਦਮ ‘ਤੇ ਚੋਣਾਂ ਲੜ ਰਿਹਾ ਹੈ, ਜੋ ਇਕ ਵੱਡੀ ਚੁਣੌਤੀ ਮੰਨੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਵਿਚ ਅਜੇ ਤੱਕ ਕਿਸੇ ਵੀ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਹੈ।
2022 ਦੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦਾ ਵੋਟ ਬੈਂਕ 14 ਪ੍ਰਤੀਸਤ ਘਟ ਗਿਆ ਸੀ। ਇਸੇ ਦੌਰਾਨ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਪਾਰਟੀ ਨੂੰ ਛੱਡ ਗਏ ਸਨ ਤੇ ਹੁਣ ਟਕਸਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਚੁੱਕੇ ਹਨ। ਇਸੇ ਤਰ੍ਹਾਂ ਬੀਬੀ ਜਗੀਰ ਕੌਰ ਵੀ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸਿਆਸੀ ਮਾਹਿਰਾਂ ਅਨੁਸਾਰ ਇਹ ਲੋਕ ਸਭਾ ਚੋਣਾਂ ਅਕਾਲੀ ਦਲ ਲਈ ਚੁਣੌਤੀ ਭਰਪੂਰ ਹੀ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਪੰਜ ਵਾਰ ਲੋਕ ਸਭਾ ਚੋਣਾਂ ਮਿਲ ਕੇ ਲੜੀਆਂ ਹਨ। ਇਸ ਦੌਰਾਨ ਸੂਬੇ ਵਿਚ ਅਕਾਲੀ ਦਲ ਨੇ ਹਕੂਮਤ ਬਣਾਈ ਅਤੇ ਕੇਂਦਰ ਸਰਕਾਰ ਵਿਚ ਵੀ ਆਪਣੀ ਹਾਜ਼ਰੀ ਦਰਜ ਕਰਵਾਈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਗਠਜੋੜ ਦੀ ਕੀਤੀ ਸੀ ਹਮਾਇਤ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਦਲ-ਭਾਜਪਾ ਗਠਜੋੜ ਦੀ ਹਮਾਇਤ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਹਨ ਅਤੇ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪਰਨੀਤ ਕੌਰ ਜੋ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਸਨ, ਉਹ ਵੀ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਕੈਪਟਨ ਅਮਰਿੰਦਰ ਤਾਂ ਇਹ ਵੀ ਕਹਿ ਚੁੱਕੇ ਹਨ ਕਿ ਪਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ। ਇਸਦੇ ਚੱਲਦਿਆਂ ਕੈਪਟਨ ਅਮਰਿੰਦਰ ਅਤੇ ਪਰਨੀਤ ਕੌਰ ਦੋਵੇਂ ਹੀ ਅਕਾਲੀ-ਭਾਜਪਾ ਗਠਜੋੜ ਦੀ ਹਮਾਇਤ ਕਰ ਰਹੇ ਸਨ, ਪਰ ਇਹ ਗਠਜੋੜ ਸਿਰੇ ਨਹੀਂ ਚੜ੍ਹ ਸਕਿਆ।

 

Check Also

PM ਜਸਟਿਨ ਟਰੂਡੋ ਨੇ ਜਿੱਤਿਆ ਭਰੋਸੇ ਦਾ ਵੋਟ

ਸਦਨ ਵਿਚ ਫੇਲ੍ਹ ਹੋਇਆ ਵਿਰੋਧੀ ਧਿਰ ਕੰਸਰਵੇਟਿਵ ਦਾ ਮਤਾ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ …