ਸ਼ਰਾਬ ਨੀਤੀ ਮਾਮਲੇ ‘ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗ੍ਰਿਫਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ ਨੂੰ ਅਦਾਲਤ ਨੇ ਚਾਰ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜਿਸ ਦੇ ਚਲਦਿਆਂ ਕੇਜਰੀਵਾਲ ਹੁਣ 1 ਅਪ੍ਰੈਲ ਤੱਕ ਈਡੀ ਦੀ ਹਿਰਾਸਤ ਵਿਚ ਰਹਿਣਗੇ। ਇਸ ਤੋਂ ਪਹਿਲਾਂ ਕੋਰਟ ਵਿਚ ਕੇਜਰੀਵਾਲ ਨੇ ਆਪਣੇ ਕੇਸ ਦੀ ਪੈਰਵੀ ਖੁਦ ਹੀ ਕੀਤੀ ਅਤੇ ਅਜਿਹਾ ਕਰਨ ਵਾਲੇ ਉਹ ਦੇਸ਼ ਦੇ ਪਹਿਲੇ ਮੌਜੂਦਾ ਮੁੱਖ ਮੰਤਰੀ ਬਣ ਗਏ ਹਨ। ਕੇਜਰੀਵਾਲ ਨੇ ਆਪਣੀ ਗ੍ਰਿਫ਼ਤਾਰੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਲਈ 4 ਸਟੇਟਮੈਂਟਾਂ ਹੀ ਕਾਫ਼ੀ ਨਹੀਂ ਹੁੰਦੀਆਂ। ਜਦਕਿ ਈਡੀ ਨੇ ਇਸ ਦੇ ਜਵਾਬ ‘ਚ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਤੋਂ ਉਪਰ ਨਹੀਂ। ਇਸੇ ਦੌਰਾਨ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਬਹੁਤ ਤੰਗ ਕੀਤਾ ਜਾ ਰਿਹਾ ਅਤੇ ਇਸਦਾ ਜਵਾਬ ਲੋਕ ਸਭਾ ਚੋਣਾਂ ਦੌਰਾਨ ਜਨਤਾ ਵੱਲੋਂ ਦਿੱਤਾ ਜਾਵੇਗਾ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਕੇਜਰੀਵਾਲ ਨੂੰ ਸੀਐਮ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਅਰਜ਼ੀ ਖਾਰਜ : ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਅਰਜ਼ੀ ਖਾਰਜ ਕਰ ਦਿੰਤੀ ਹੈ। ਹਾਈਕੋਰਟ ਦੇ ਐਕਟਿੰਗ ਚੀਫ ਜਸਟਿਸ (ਏਸੀਜੇ) ਨੇ ਇਸ ਮਾਮਲੇ ਵਿਚ ਦਖਲ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਹ ਕਾਰਜਪਾਲਿਕਾ ਦਾ ਮਸਲਾ ਹੈ। ਏਸੀਜੇ ਨੇ ਕਿਹਾ ਇਸ ਅਰਜ਼ੀ ‘ਤੇ ਅਸੀਂ ਸੁਣਵਾਈ ਨਹੀਂ ਕਰਨਾ ਚਾਹੁੰਦੇ ਅਤੇ ਕਾਰਜਪਾਲਿਕਾ ਨੂੰ ਇਹ ਮਾਮਲਾ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਨਿਆਂਪਾਲਿਕਾ ਦੇ ਦਖਲ ਦੀ ਕੋਈ ਗੁੰਜਾਇਸ਼ ਨਹੀਂ ਹੈ।
Check Also
ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’
ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …