ਚੰਦ ਦਿਨਾਂ ‘ਚ ਚੁਣੇ ਹੋਏ ਤਿੰਨ ਸੰਸਦ ਮੈਂਬਰਾਂ ਨੇ ਦਲ ਬਦਲ ਕੇ ਭਾਜਪਾ ‘ਚ ਕੀਤੀ ਸ਼ਮੂਲੀਅਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਇਕੋ-ਇਕ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋ ਗਏ। ਅੰਗੁਰਾਲ ਨੇ 2022 ਦੀਆਂ ਅਸੈਂਬਲੀ ਚੋਣਾਂ ਵਿਚ ਇਸੇ ਸੀਟ ਤੋਂ ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾਇਆ ਸੀ। ਇਸ ਤੋਂ ਪਹਿਲਾਂ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।
ਜਲੰਧਰ ਤੋਂ ਸੰਸਦ ਮੈਂਬਰ ਰਿੰਕੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਵਿਕਾਸ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਵਿਚ ਮਦਦ ਨਾ ਕੀਤੇ ਜਾਣ ਦਾ ਆਰੋਪ ਲਾਇਆ। ਰਿੰਕੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਰਵੱਈਏ ਕਰਕੇ ਉਹ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੇ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦਾ ਆਬਕਾਰੀ ਨੀਤੀ ਘੁਟਾਲਾ ਦਿੱਲੀ ਨਾਲੋਂ ਕਿਤੇ ਵੱਡਾ ਹੈ। ਰਿੰਕੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੰਮ ਕਰਨ ਦੀ ਸ਼ੈਲੀ ਤੋਂ ਬਹੁਤ ਪ੍ਰਭਾਵਿਤ ਸਨ। ਉਨ੍ਹਾਂ ਜਲੰਧਰ ਵਿਚ ਨਵੀਆਂ ਰੇਲ ਗੱਡੀਆਂ ਤੇ ਹਵਾਈ ਸੇਵਾਵਾਂ ਨੂੰ ਹੁਲਾਰੇ ਸਣੇ ਸ਼ੁਰੂ ਕੀਤੇ ਹੋਰਨਾਂ ਵਿਕਾਸ ਕਾਰਜਾਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸ਼ਲਾਘਾ ਕੀਤੀ। ਰਿੰਕੂ ਨੇ ਭਾਜਪਾ ਵਿਚ ਰਸਮੀ ਦਾਖਲੇ ਲਈ ਰੱਖੇ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ”ਮੈਨੂੰ ਸੱਤਾ ਦਾ ਕੋਈ ਲਾਲਚ ਨਹੀਂ ਹੈ। ਮੈਂ ਜਲੰਧਰ ਦੀ ਬਿਹਤਰੀ ਲਈ ਨਵਾਂ ਤਜਰਬਾ ਕਰ ਰਿਹਾ ਹਾਂ।” ਰਿੰਕੂ ਤੇ ਅੰਗੁਰਾਲ, ਜੋ ਜਲੰਧਰ ਪੱਛਮੀ ਤੋਂ ਪੰਜਾਬ ਅਸੈਂਬਲੀ ਲਈ ਚੁਣੇ ਗਏ ਸਨ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ‘ਚ ਭਾਜਪਾ ਵਿਚ ਸ਼ਾਮਲ ਹੋਏ।
ਸੁਸ਼ੀਲ ਰਿੰਕੂ ਪਿਛਲੇ ਸਾਲ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲੜਨ ਲਈ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਸੀ। ਸੰਸਦ ਮੈਂਬਰ ਵਜੋਂ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਰਿੰਕੂ ਅਕਸਰ ਹੇਠਲੇ ਸਦਨ ਵਿਚ ਭਾਜਪਾ ਦੀ ਨੁਕਤਾਚੀਨੀ ਕਰਦੇ ਰਹੇ ਹਨ। ਸੰਸਦੀ ਇਜਲਾਸ ਦੌਰਾਨ ਪਾਏ ਰੌਲੇ-ਰੱਪੇ ਲਈ ਰਿੰਕੂ ਨੂੰ ਲੋਕ ਸਭਾ ਵਿਚੋਂ ਮੁਅੱਤਲ ਵੀ ਕੀਤਾ ਗਿਆ ਸੀ। ਭਾਜਪਾ ਅਗਾਮੀ ਲੋਕ ਸਭਾ ਚੋਣਾਂ ਵਿਚ ਰਿੰਕੂ ਨੂੰ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ ਕਿਉਂਕਿ ਪਾਰਟੀ ਨੇ ਪੰਜਾਬ ਵਿਚ ਮਜ਼ਬੂਤ ਤਾਕਤ ਵਜੋਂ ਉਭਰਨ ਲਈ ਸੂਬੇ ਵਿਚ ਕਈ ਸਿਆਸੀ ਪਾਰਟੀਆਂ ਦੇ ਪ੍ਰਭਾਵਸ਼ਾਲੀ ਆਗੂਆਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਹੈ। ਪੰਜਾਬ ਵਿਚ ਲੋਕ ਸਭਾ ਦੀਆਂ 13 ਸੀਟਾਂ ਹਨ।
ਹਰਦੀਪ ਪੁਰੀ ਤੇ ਵਿਨੋਦ ਤਾਵੜੇ ਨੇ ਕਿਹਾ ਕਿ ‘ਆਪ’ ਆਗੂਆਂ ਦੀ ਸ਼ਮੂਲੀਅਤ ਨਾਲ ਭਾਜਪਾ, ਜਿਸ ਨੇ ਲੰਘੇ ਦਿਨੀਂ ਇਕੱਲਿਆਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ, ਨੂੰ ਹੁਲਾਰਾ ਮਿਲੇਗਾ। ਪੰਜਾਬ ਵਿਚ ਐਤਕੀਂ ਚਹੁੰਕੋਣਾ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਵਿਚ ਭਾਜਪਾ ਤੋਂ ਇਲਾਵਾ ‘ਆਪ’, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਤਿੰਨ ਹੋਰ ਪ੍ਰਮੁੱਖ ਪਾਰਟੀਆਂ ਹਨ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ‘ਆਪ’ ਨੂੰ ਭੰਡਦੇ ਹੋਏ ਕਿਹਾ ਕਿ ਪੰਜਾਬ ਦਾ ਆਬਕਾਰੀ ਨੀਤੀ ਘੁਟਾਲਾ ਦਿੱਲੀ ਨਾਲੋਂ ਕਿਤੇ ਵੱਡਾ ਹੈ। ਭਾਜਪਾ ਆਗੂ ਨੇ ਕਿਹਾ ਕਿ ‘ਆਪ’ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁਗਾਉਣ ਵਿਚ ਨਾਕਾਮ ਰਹੀ ਹੈ। ਜਾਖੜ ਨੇ ਕਿਹਾ ਕਿ ਰਿੰਕੂ ਨੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਲੋਕ ਸਭਾ ਤੇ ‘ਆਪ’ ਵਿਚੋਂ ਅਸਤੀਫ਼ਾ ਦਿੱਤਾ। ਉਨ੍ਹਾਂ ਕਿਹਾ ਕਿ ਅੰਗੁਰਾਲ ਨੇ ‘ਆਪ’ ਛੱਡ ਦਿੱਤੀ ਹੈ ਤੇ ਉਹ ਵੀ ਅਸੈਂਬਲੀ ‘ਚੋਂ ਆਪਣਾ ਅਸਤੀਫ਼ਾ ਦੇਣਗੇ। ਪੰਜਾਬ ਤੋਂ ਤਿੰਨ ਵਾਰ ਲੋਕ ਸਭਾ ਮੈਂਬਰ ਰਹੇ ਰਵਨੀਤ ਸਿੰਘ ਬਿੱਟੂ ਮੰਗਲਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਬਿੱਟੂ ਨੇ ਜ਼ੋਰ ਦੇ ਕੇ ਆਖਿਆ ਸੀ ਕਿ ਲੋਕ ਨਰਿੰਦਰ ਮੋਦੀ ਨੂੰ ਮੁੜ ਸੱਤਾ ਵਿਚ ਲਿਆਉਣ ਦਾ ਮਨ ਬਣਾ ਚੁੱਕੇ ਹਨ।
ਜਲੰਧਰ ਦੇ ਲੋਕ ਗੱਦਾਰ ਦਾ ਸਾਥ ਨਹੀਂ ਦੇਣਗੇ : ਭਗਵੰਤ ਮਾਨ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਗੱਦਾਰ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ‘ਤੇ ਚੋਣ ਮੈਦਾਨ ਵਿੱਚ ਉਤਰੇ ਸਨ ਪਰ ਹੁਣ ਉਹ ਜਲੰਧਰ ਦੇ ਲੋਕਾਂ ਅਤੇ ਉਨ੍ਹਾਂ ਦੇ ਭਰੋਸੇ ਨਾਲ ਧੋਖਾ ਕਰ ਰਹੇ ਹਨ। ‘ਆਪ’ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਪੋਸਟ ਪਾ ਕੇ ਕਿਹਾ, ‘ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ ਪਰ ਵਿੱਚ ਸਮੁੰਦਰ ਜਾ ਕੇ ਉਹ ਮਰ ਜਾਂਦਾ ਹੈ, ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ’।
ਭਾਜਪਾ ਨੇ ਪੰਜਾਬ ‘ਚ ਅਪਰੇਸ਼ਨ ਲੋਟਸ ਸ਼ੁਰੂ ਕੀਤਾ: ਭਾਰਦਵਾਜ
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਆਪ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਆਰੋਪ ਲਾਇਆ ਕਿ ਪੰਜਾਬ ‘ਚ ਅਪਰੇਸ਼ਨ ਲੋਟਸ ਸ਼ੁਰੂ ਹੋ ਗਿਆ ਹੈ। ਪ੍ਰੈਸ ਕਾਨਫਰੰਸ ‘ਚ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਵਿਧਾਇਕਾਂ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਵਿੱਚੋਂ ਬਹੁਗਿਣਤੀ ਨੂੰ ਫੋਨ ਆ ਰਹੇ ਹਨ ਅਤੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਪੈਸੇ, ਵਾਈ ਸ਼੍ਰੇਣੀ ਦੀ ਸੁਰੱਖਿਆ ਅਤੇ ਆਗਾਮੀ ਲੋਕ ਸਭਾ ਚੋਣਾਂ ਲਈ ਟਿਕਟਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘ਭਾਜਪਾ ਅਪਰੇਸ਼ਨ ਲੋਟਸ’ ਚਲਾ ਰਹੀ ਹੈ।
ਰਵਨੀਤ ਬਿੱਟੂ ਤੇ ਪ੍ਰਨੀਤ ਕੌਰ ਵੀ ਹੋ ਚੁੱਕੇ ਹਨ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ : ਪੰਜਾਬ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਕਾਂਗਰਸ ਦੀ ਟਿਕਟ ‘ਤੇ ਤਿੰਨ ਵਾਰ ਸੰਸਦ ਮੈਂਬਰ ਰਹੇ ਰਵਨੀਤ ਬਿੱਟੂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਦੱਸਣਾ ਬਣਦਾ ਹੈ ਕਿ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਬਿੱਟੂ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਨਾਲ ਬਹੁਤ ਪਿਆਰ ਹੈ ਅਤੇ ਉਹ ਸੂਬੇ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਪਿਛਲੇ ਦਿਨੀਂ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਸਨ।
Check Also
ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ
ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ …