ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ 1260 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਜਦਕਿ ਲੰਘੇ ਸਾਲ ਦੌਰਾਨ ਇਹ ਬਜਟ 1138 ਕਰੋੜ ਰੁਪਏ ਦਾ ਸੀ ਅਤੇ ਸਾਲ 2022-23 ਦੌਰਾਨ ਇਹ ਬਜਟ 988 ਕਰੋੜ ਰੁਪਏ ਦਾ ਸੀ। ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਵੀ ਚਰਚਾ ਕੀਤੀ ਗਈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗੰਭੀਰਤਾ ਨਾਲ ਸੋਚਿਆ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਲ੍ਹਾਂ ’ਚ ਬੰਦ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪ੍ਰੰਤੂ ਫਿਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਬਜਟ ਇਜਲਾਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਇਕ ਯੂਟਿਊਬ ਚੈਨਲ ਸਥਾਪਿਤ ਕਰਨ ਦਾ ਫੈਸਲਾ ਵੀ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ ’ਤੇ ਐਸਜੀਪੀਸੀ ਇਸ ਚੈਨਲ ਨੂੰ ਤਿਆਰ ਕਰੇਗੀ। ਜਿਸ ਤੋਂ ਬਾਅਦ ਦੇਸ਼-ਵਿਦੇਸ਼ਾਂ ’ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਦਮਦਮਾ ਸਾਹਿਬ ਤੋਂ ਵੀ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦੇਖ ਸਕਣਗੇ।