![](https://parvasinewspaper.com/wp-content/uploads/2024/03/Bharat-Rattan.jpg)
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕਿ੍ਰਸ਼ਨ ਅਡਵਾਨੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਲਾਲ ਕਿ੍ਰਸ਼ਨ ਅਡਵਾਨੀ ਨੂੰ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਭਾਰਤ ਰਤਨ ਪ੍ਰਦਾਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਵੀ ਮੌਜੂਦ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ 3 ਫਰਵਰੀ ਨੂੰ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਨਾਨਾ ਜੀ ਦੇਸ਼ਮੁੱਖ ਤੋਂ ਬਾਅਦ ਇਹ ਸਨਮਾਨ ਹਾਸਲ ਕਰਨ ਵਾਲੇ ਭਾਜਪਾ ਅਤੇ ਆਰ.ਐਸ.ਐਸ. ਨਾਲ ਸਬੰਧਤ ਤੀਜੇ ਆਗੂ ਹਨ।
ਧਿਆਨ ਰਹੇ ਕਿ ਇਸ ਤੋਂ ਪਹਿਲਾਂ ਰਾਸ਼ਟਰਪਤੀ ਨੇ ਲੰਘੇ ਕੱਲ੍ਹ ਸ਼ਨੀਵਾਰ ਨੂੰ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਚ 4 ਸ਼ਖ਼ਸੀਅਤਾਂ ਨੂੰ ਮਰਨਉਪਰੰਤ ਭਾਰਤ ਰਤਨ ਨਾਲ ਸਨਮਾਨਿਤ ਵੀ ਕੀਤਾ ਸੀ। ਇਨ੍ਹਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਪੂਰੀ ਠਾਕੁਰ ਅਤੇ ਖੇਤੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਸ਼ਾਮਲ ਹਨ।