ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੌਜੂੁਦਾ ਕਾਂਗਰਸੀ ਸੰਸਦ ਮੈਂਬਰਾਂ ਨੇ ਨਵੀਂ ਦਿੱਲੀ ’ਚ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਕਾਂਗਰਸੀ ਆਗੂਆਂ ਵਿਚ ਮਨੀਸ਼ ਤਿਵਾੜੀ, ਡਾ. ਅਮਰ ਸਿੰਘ, ਮੁਹੰਮਦ ਸਦੀਕ, ਗੁਰਜੀਤ ਸਿੰਘ ਔਜਲਾ ਅਤੇ ਜਸਬੀਰ ਸਿੰਘ ਡਿੰਪਾ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪੰਜਾਂ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਦੁਬਾਰਾ ਟਿਕਟ ਲਈ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ ਅਤੇ ਭਾਜਪਾ ਨੇ ਪਟਿਆਲਾ ਤੋਂ ਪਰਨੀਤ ਕੌਰ ਅਤੇ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਨੂੰ ਉਮੀਦਵਾਰ ਵੀ ਐਲਾਨ ਦਿੱਤਾ ਹੋਇਆ ਹੈ। ਕਾਂਗਰਸ ਪਾਰਟੀ ਨੇ ਅਜੇ ਤੱਕ ਪੰਜਾਬ ’ਚ ਲੋਕ ਸਭਾ ਚੋਣਾਂ ਲਈ ਕਿਸੇ ਵੀ ਉਮੀਦਵਾਰ ਦਾ ਨਾਮ ਨਹੀਂ ਐਲਾਨਿਆ। ਜ਼ਿਕਰਯੋਗ ਹੈ ਕਿ ਪਹਿਲਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੋਣ ਗਠਜੋੜ ਨੂੰ ਲੈ ਕੇ ਉਮੀਦ ਲਗਾਈ ਜਾ ਰਹੀ ਸੀ, ਪਰ ਇਹ ਗਠਜੋੜ ਨਹੀਂ ਹੋ ਸਕਿਆ। ਆਮ ਆਦਮੀ ਪਾਰਟੀ ਵਲੋਂ ਵੀ ਪੰਜਾਬ ਦੀਆਂ 13 ਵਿਚੋਂ 9 ਸੀਟਾਂ ’ਤੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ।