ਆਤਿਸ਼ੀ ਨੇ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖਤਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ਵਿਚ ਤਿਹਾੜ ਦੀ ਜੇਲ੍ਹ ਵਿਚ ਬੰਦ ਹਨ। ਇਸਦੇ ਚੱਲਦਿਆਂ ‘ਆਪ’ ਦੀ ਸੀਨੀਅਰ ਆਗੂ ਤੇ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਆਤਿਸ਼ੀ ਨੇ ਇਕ ਟਵੀਟ ਕਰਕੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਸਿਹਤ ਸਬੰਧੀ ਕੁਝ ਸਮੱਸਿਆਵਾਂ ਵੀ ਹਨ, ਪਰ ਫਿਰ ਵੀ ਉਹ 24 ਘੰਟੇ ਦੇਸ਼ ਦੀ ਸੇਵਾ ਵਿਚ ਲੱਗੇ ਰਹਿੰਦੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਦੀ ਗਿ੍ਰਫਤਾਰੀ ਤੋਂ ਬਾਅਦ ਹੁਣ ਤੱਕ ਉਹਨਾਂ ਦਾ ਸਾਢੇ 4 ਕਿਲੋ ਵਜ਼ਨ ਘਟ ਗਿਆ ਹੈ ਤੇ ਇਹ ਬਹੁਤ ਚਿੰਤਾ ਦਾ ਵਿਸ਼ਾ ਹੈ। ਮੰਤਰੀ ਆਤਿਸ਼ੀ ਨੇ ਭਾਜਪਾ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਉਹ ਕੇਜਰੀਵਾਲ ਨੂੰ ਜੇਲ੍ਹ ਵਿਚ ਬੰਦ ਕਰਕੇ ਉਹਨਾਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਰਹੀ ਹੈ। ਆਤਿਸ਼ੀ ਨੇ ਇਹ ਵੀ ਕਿਹਾ ਕਿ ਇਸ ਸਭ ਲਈ ਦੇਸ਼ ਭਾਜਪਾ ਨੂੰ ਕਦੇ ਮੁਆਫ ਨਹੀਂ ਕਰੇਗਾ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਪਿਛਲੇ ਦਿਨੀਂ ਈਡੀ ਨੇ ਆਬਕਾਰੀ ਨੀਤੀ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ ਅਤੇ ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਭੇਜ ਦਿੱਤਾ ਸੀ।