ਭਗਵੰਤ ਮਾਨ ਅਤੇ ਰਾਹੁਲ ਗਾਂਧੀ ਦੀ ਫੋਟੋ ਸ਼ੇਅਰ ਕਰਕੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਸੋਸ਼ਲ ਮੀਡੀਆ ਅਕਾਊਂਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਹੁਲ ਗਾਂਧੀ ਦੀ ਫੋਟੋ ਸ਼ੇਅਰ ਕੀਤੀ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਇਕੱਠਿਆਂ ਦੀ ਫੋਟੋ ਵੀ ਸ਼ੇਅਰ ਕੀਤੀ ਹੈ। ਮਜੀਠੀਆ ਨੇ ਲਿਖਿਆ ਹੇ ਕਿ , ਪੰਜਾਬੀਓ ਇਹ ਹੈ ਗਠਜੋੜ ਅਤੇ ਇਹ ਸਭ ਮਿਲੇ ਹੋਏ ਹਨ। ਉਨ੍ਹਾਂ ਨੇ ਇਹ ਵੀ ਲਿਖਿਆ ਕਿ ‘‘ਇਹ ਦੋਸਤੀ ਅਸੀਂ ਨਹੀਂ ਤੋੜਾਂਗੇ।’’ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵੇਂ ਪਾਰਟੀਆਂ ਹੀ ‘ਇੰਡੀਆ’ ਗਠਜੋੜ ਦਾ ਹਿੱਸਾ ਹਨ, ਪਰ ਪੰਜਾਬ ਵਿਚ ਇਨ੍ਹਾਂ ਦੋਵੇਂ ਪਾਰਟੀਆਂ ਦਾ ਗਠਜੋੜ ਨਹੀਂ ਹੈ। ਪਿਛਲੇ ਦਿਨੀਂ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਇੰਡੀਆ ਗਠਜੋੜ ਦੇ ਆਗੂਆਂ ਵਲੋਂ ਰੈਲੀ ਕੀਤੀ ਗਈ ਸੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਬਹੁਤ ਹੀ ਨੇੜੇ-ਨੇੜੇ ਦੇਖੇ ਗਏ ਸਨ। ਇਸੇ ਤਰ੍ਹਾਂ ਹੀ ਸੋਨੀਆ ਗਾਂਧੀ ਅਤੇ ਸੁਨੀਤਾ ਕੇਜਰੀਵਾਲ ਵੀ ਗੁਫਤਗੂ ਕਰਦੇ ਰਹੇ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਨੂੰ ਲੈ ਕੇ ਸਵਾਲ ਚੁੱਕੇ ਸਨ।