ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਨਹੀਂ ਹੋਈ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਅਰਜ਼ੀ ’ਤੇ ਸੁਣਵਾਈ ਨਹੀਂ ਕੀਤੀ। ਹਾਈਕੋਰਟ ਨੇ ਕਿਹਾ ਕਿ ਅਦਾਲਤ ਪਹਿਲਾਂ ਵੀ ਅਜਿਹੀ ਪਟੀਸ਼ਨ ਨੂੰ ਖਾਰਜ ਕਰ ਚੁੱਕੀ ਹੈ। ਡਿਵੀਜ਼ਨ ਬੈਂਚ ਦੇ ਮਾਨਯੋਗ ਐਕਟਿੰਗ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਨੇ ਕਿਹਾ ਕਿ ਅਦਾਲਤਾਂ ਨੂੰ ਚਾਹੀਦਾ ਹੈ ਕਿ ਉਹ ਲੋਕਤੰਤਰ ਨੂੰ ਆਪਣਾ ਕੰਮ ਕਰਨ ਦੇਣ। ਅਦਾਲਤ ਨੇ ਕਿਹਾ ਕਿ ਪਟੀਸ਼ਨਕਰਤਾ ਆਪਣੀ ਅਰਜ਼ੀ ਲੈ ਕੇ ਉਪ-ਰਾਜਪਾਲ ਦੇ ਕੋਲ ਜਾ ਸਕਦੇ ਹਨ। ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਅਸੀਂ ਅਰਜ਼ੀ ਵਾਪਸ ਲੈਂਦੇ ਹਾਂ ਅਤੇ ਹੁਣ ਉਪ ਰਾਜਪਾਲ ਦੇ ਕੋਲ ਜਾਵਾਂਗੇ। ਉਨ੍ਹਾਂ ਦਲੀਲ ਦਿੱਤੀ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਵਿਧਾਨਕ ਭਰੋਸੇ ਨੂੰ ਤੋੜਿਆ ਹੈ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਅਧਿਕਾਰ ਨਹੀਂ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ’ਚ ਤਿਹਾੜ ਦੀ ਜੇਲ੍ਹ ਵਿਚ ਬੰਦ ਹਨ।