ਇਹ ਦੋਵੇਂ ਆਗੂ ‘ਆਪ’ ਨੂੰ ਛੱਡ ਕੇ ਭਾਜਪਾ ਹੋਏ ਹਨ ਸ਼ਾਮਲ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਲ ਦੀ ਕੇਂਦਰ ਸਰਕਾਰ ਨੇ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰ ਨੇ ਇਨ੍ਹਾਂ ਆਗੂਆਂ ਨੂੰ ਸੀਆਰਪੀਐੱਫ ਦੀ ਸੁਰੱਖਿਆ ਛੱਤਰੀ ਮੁਹੱਈਆ ਕਰਵਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਸ਼ੀਲ ਕੁਮਾਰ ਰਿੰਕੂ ਨਾਲ 18 ਸੀਆਰਪੀਐੱਫ ਦੇ ਜਵਾਨ ਤਾਇਨਾਤ ਕੀਤੇ ਹਨ ਜਦਕਿ ਸ਼ੀਤਲ ਅੰਗੁਰਾਲ ਨੂੰ 11 ਸੁਰੱਖਿਆ ਕਰਮਚਾਰੀ ਦਿੱਤੇ ਹਨ। ਕੇਂਦਰ ਵੱਲੋਂ ਸੀਆਰਪੀਐੱਫ ਦੇ ਜਵਾਨਾਂ ਨੂੰ ਸਿੱਧਾ ਉਨ੍ਹਾਂ ਦੇ ਘਰ ਭੇਜਿਆ ਗਿਆ ਹੈ।
ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਦੋਵੇਂ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਸੀ। ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਚਾਰ ਕਮਾਂਡੋ ਹਟਾ ਲਏ ਗਏ ਸਨ ਤੇ ਉਸ ਦੇ ਕਾਫਲ਼ੇ ਦੇ ਅੱਗੇ ਚੱਲਣ ਵਾਲੀ ਸਕਿਉਰਿਟੀ ਵਾਲੀ ਜਿਪਸੀ ਵੀ ਹਟਾ ਦਿੱਤਾ ਸੀ। ਜਾਣਕਾਰੀ ਅਨੁਸਾਰ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਆਪਣੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾਈ ਗਈ ਹੈ। ਦੂਜੇ ਪਾਸੇ ਭਾਜਪਾ ਨੇ ਰਿੰਕੂ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਵੀ ਬਣਾ ਦਿੱਤਾ ਹੈ।