Breaking News
Home / ਪੰਜਾਬ / ਲੋਕ ਸਭਾ ਚੋਣਾਂ ਲਈ ਸਰਗਰਮ ਹੋਏ ਮੁੱਖ ਮੰਤਰੀ ਭਗਵੰਤ ਮਾਨ

ਲੋਕ ਸਭਾ ਚੋਣਾਂ ਲਈ ਸਰਗਰਮ ਹੋਏ ਮੁੱਖ ਮੰਤਰੀ ਭਗਵੰਤ ਮਾਨ

ਪਟਿਆਲਾ ਤੇ ਫਰੀਦਕੋਟ ਹਲਕੇ ਉਮੀਦਵਾਰਾਂ ਨਾਲ ਕੀਤੀ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਪਟਿਆਲਾ ਤੇ ਫਰੀਦਕੋਟ ਦੇ ਉਮੀਦਵਾਰਾਂ ਅਤੇ ਦੋਵੇਂ ਹਲਕਿਆਂ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਮੀਟਿੰਗਾਂ ਕੀਤੀਆਂ।
ਉਨ੍ਹਾਂ ਉਮੀਦਵਾਰ ਤੇ ਵਿਧਾਇਕਾਂ ਨਾਲ ਚੋਣ ਦੀ ਰਣਨੀਤੀ ਤਿਆਰ ਕੀਤੀ। ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਤੇ ਦੋਵੇਂ ਹਲਕਿਆਂ ਦੇ ਸਾਰੇ ਵਿਧਾਇਕ ਮੌਜੂਦ ਸਨ। ਭਗਵੰਤ ਮਾਨ ਨੇ ਆਖਿਆ ਕਿ ਪਾਰਟੀ ਆਗੂ ਆਪਣੇ ਉਮੀਦਵਾਰਾਂ ਦੀ ਚੋਣ ਮੁਹਿੰਮ ਵਿਚ ਡਟ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਉਹ ਕੰਮ ਕੀਤੇ ਹਨ ਜੋ ਪਿਛਲੇ 70 ਸਾਲਾਂ ਵਿੱਚ ਨਹੀਂ ਹੋ ਸਕੇ ਹਨ।
ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਸੂਬਾ ਸਰਕਾਰ ਦੇ ਦੋ ਸਾਲਾਂ ਦੇ ਕੰਮਕਾਜ ਨੂੰ ਲੋਕਾਂ ਵਿੱਚ ਲੈ ਕੇ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ‘ਆਪ’ ਦੇ ਨਾਲ ਹਨ, ਲੋਕ ਸਭਾ ਚੋਣਾਂ ਵਿੱਚ ਵੀ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ‘ਆਪ’ ਵੱਡੀ ਤੇ ਇਤਿਹਾਸਕ ਜਿੱਤ ਹਾਸਲ ਕਰਾਂਗੇ। ‘ਆਪ’ ਦੇ ਉਮੀਦਵਾਰ ਡਾ. ਬਲਬੀਰ ਸਿੰਘ ਤੇ ਕਰਮਜੀਤ ਅਨਮੋਲ ਤੇ ਹੋਰਨਾਂ ਵਿਧਾਇਕਾਂ ਨੇ ਮੁੱਖ ਮੰਤਰੀ ਮਾਨ ਨੂੰ ਦੱਸਿਆ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਹੋਰ ਪਾਰਟੀ ਨੂੰ ਮੌਕਾ ਨਹੀਂ ਮਿਲੇਗਾ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …