ਪ੍ਰਗਟ ਸਿੰਘ ਨੇ ਕਿਸਾਨਾਂ ਦੇ ਹੱਕ ਵਿਚ ਪਾਈ ਸੀ ਪੋਸਟ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿਚ ਪਾਈ ਗਈ ਪੋਸਟ ਨੂੰ ਸ਼ੋਸ਼ਲ ਮੀਡੀਆ ਪਲੇਟ ਫਾਰਮ ‘ਐਕਸ’ ਤੋਂ ਡਿਲੀਟ ਕਰ ਦਿੱਤਾ ਗਿਆ ਹੈ। ਜਿਸ ਦਾ ਪ੍ਰਗਟ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸ਼ਿਕਾਇਤ ਪੰਜਾਬ ਸਰਕਾਰ ਵੱਲੋਂ ਦਰਜ ਕਰਵਾਈ ਗਈ ਹੈ। ਪ੍ਰਗਟ ਸਿੰਘ ਨੇਂ ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਇਕ ਹੋਰ ਪੋਸਟ ਸਾਂਝੀ ਕਰਕੇ ਇਸ ਸਬੰਧੀ ਸੂਚਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਪੱਖ ’ਚ ਖੜ੍ਹੇ ਹੋਣ ਵਾਲਿਆਂ ਦੇ ਟਵਿੱਟਰ ਅਕਾਊਂਟ ਲਗਾਤਾਰ ਬੰਦ ਕੀਤੇ ਜਾ ਰਹੇ ਹਨ ਅਤੇ ਸਿੱਖਾਂ ਖਿਲਾਫ਼ ਨਫ਼ਰਤ ਭਰੀ ਭਾਸ਼ਾ ਦਾ ਇਸਤੇਮਾਲ ਕਰਨ ਵਾਲਿਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਮੰਡੀਆਂ ਦਾ ਨਿੱਜੀ ਸਾਇਲੋ ’ਚ ਰਲੇਵਾਂ ਕਰਨ ਦਾ ਕਿਸਾਨ ਸੰਗਠਨਾਂ ਅਤੇ ਵਿਰੋਧੀ ਧਿਰਾਂ ਵੱਲੋਂ ਵਿਰੋਧ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ।