![](https://parvasinewspaper.com/wp-content/uploads/2024/04/HS-Dhammi-1.jpg)
ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮਿ੍ਰਤਸਰ/ਬਿਊਰੋ ਨਿਊਜ਼
ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਲੰਘੀ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇ.ਈ.ਈ. ਮੇਨਸ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਸੰਬੰਧ ਵਿਚ ਜਾਂਚ ਦੇ ਨਾਲ-ਨਾਲ ਐਡਵੋਕੇਟ ਧਾਮੀ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਸਿੱਖਾਂ ਨਾਲ ਹੁੰਦੇ ਇਸ ਵਿਤਕਰੇ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟ ਕਰਨ ਲਈ ਵੀ ਆਖਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਇਸ ਮਾਮਲੇ ਦੀ ਪੜਤਾਲ ਸੰਬੰਧੀ ਚੰਡੀਗੜ੍ਹ ਸਬ-ਦਫ਼ਤਰ ਵਿਖੇ ਮੀਤ ਸਕੱਤਰ ਲਖਵੀਰ ਸਿੰਘ, ਪ੍ਰਚਾਰਕ ਰਾਜਪਾਲ ਸਿੰਘ ਅਤੇ ਲੇਖਕ ਆਈ.ਟੀ. ਵਿਭਾਗ ਜਸਕਰਨ ਸਿੰਘ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ ਕੋਲ ਵੀ ਇਸ ਘਟਨਾ ਸੰਬੰਧੀ ਸਖ਼ਤ ਇਤਰਾਜ਼ ਪ੍ਰਗਟ ਕੀਤਾ ਜਾਵੇਗਾ ਅਤੇ ਪ੍ਰਾਪਤ ਰਿਪੋਰਟ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।