ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਕਵਿਤਾ ਦੀ ਹੋਈ ਹੈ ਗਿ੍ਰਫਤਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀ.ਆਰ.ਐੱਸ. ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਦੀ ਨਿਆਇਕ ਹਿਰਾਸਤ ਹੁਣ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਸੋਮਵਾਰ ਨੂੰ ਅਦਾਲਤ ਨੇ ਉਸਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਰਾਊਜ਼ ਐਵੇਨਿਊ ਅਦਾਲਤ ਦੀ ਮਾਨਯੋਗ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਇਹ ਸਹੀ ਸਮਾਂ ਨਹੀਂ ਹੈ। ਈਡੀ ਨੇ ਕਵਿਤਾ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਲੀਲ ਦਿੱਤੀ ਸੀ ਕਿ ਉਹ ਸਬੂਤਾਂ ਨਾਲ ਗੜਬੜੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਵਲੋਂ ਦਿੱਲੀ ਸ਼ਰਾਬ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਕਵਿਤਾ ਨੂੰ ਲੰਘੀ 15 ਮਾਰਚ ਨੂੰ ਹੈਦਰਾਬਾਦ ਤੋਂ ਗਿ੍ਰਫਤਾਰ ਕੀਤਾ ਗਿਆ ਸੀ।