ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਟਾਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਦੀ ਅੱਜ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨਾਲ ਹੋਣ ਵਾਲੀ ਮੁਲਾਕਾਤ ਟਾਲ ਦਿੱਤੀ ਗਈ ਹੈ। ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਤਿਹਾੜ ਜੇਲ੍ਹ ਦੇ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇਸ ਮੁਲਾਕਾਤ ਲਈ ਦਿੱਤੀ ਆਗਿਆ ਨੂੰ ਰੱਦ ਕਰ ਦਿੱਤਾ। ਹਾਲਾਂਕਿ ਲੰਘੇ ਕੱਲ੍ਹ ਮੰਗਲਵਾਰ ਨੂੰ ਸੀਐਮ ਭਗਵੰਤ ਮਾਨ ਅਤੇ ਸੰਜੇ ਸਿੰਘ ਦਾ ਕੇਜਰੀਵਾਲ ਨੂੰ ਮਿਲਣ ਲਈ ਸਮਾਂ ਵੀ ਹੋ ਗਿਆ ਸੀ ਅਤੇ ਇਨ੍ਹਾਂ ਦੋਵੇਂ ਆਗੂਆਂ ਨੇ ਅੱਜ ਬੁੱਧਵਾਰ ਨੂੰ ਦੁਪਹਿਰੇ 1 ਵਜੇ ਜੇਲ੍ਹ ਵਿਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਸੀ। ਹੁਣ ਤਿਹਾੜ ਜੇਲ੍ਹ ਪ੍ਰਸ਼ਾਸਨ ਵਲੋਂ ਇਸ ਮੁਲਾਕਾਤ ਲਈ ਨਵੀਂ ਤਰੀਕ ਅਤੇ ਸਮਾਂ ਦੱਸਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸੰਜੇ ਸਿੰਘ ਵੀ ਮਨੀ ਲਾਂਡਰਿੰਗ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਸਨ ਅਤੇ ਉਹ ਪਿਛਲੇ ਦਿਨੀਂ ਹੀ ਜ਼ਮਾਨਤ ’ਤੇ ਬਾਹਰ ਆਏ ਹਨ। ਇਸੇ ਦੌਰਾਨ ਸੰਜੇ ਸਿੰਘ ਨੇ ਲੰਘੇ ਕੱਲ੍ਹ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚ ਕੇ ਸੀਐਮ ਮਾਨ ਨਾਲ ਮੁਲਾਕਾਤ ਵੀ ਕੀਤੀ ਸੀ।