ਵਿਜੀਲੈਂਸ ਵਿਭਾਗ ਨੇ ਕੇਜਰੀਵਾਲ ਦੇ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਡਾਇਰੈਕਟੋਰੇਟ ਆਫ਼ ਵਿਜੀਲੈਂਸ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਝਟਕਾ ਦਿੰਦਿਆਂ ਉਨ੍ਹਾਂ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਹੈ। ਵਿਜੀਲੈਂਸ ਵਿਭਾਗ ਦੇ ਵਿਸ਼ੇਸ਼ ਸਕੱਤਰ ਵਾਈ.ਵੀ.ਵੀ.ਜੇ. ਰਾਜਸ਼ੇਖਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਵਿਭਵ ਕੁਮਾਰ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਗਈਆਂ ਹਨ। ਵਿਜੀਲੈਂਸ ਵਿਭਾਗ ਵੱਲੋਂ ਵਿਭਵ ਕੁਮਾਰ ਖਿਲਾਫ਼ ਇਹ ਕਾਰਵਾਈ 2007 ਦੇ ਇਕ ਮਾਮਲੇ ਵਿਚ ਕੀਤੀ ਗਈ ਹੈ, ਜਿਸ ’ਚ ਉਸ ’ਤੇ ਸਰਕਾਰੀ ਕੰਮ ’ਚ ਵਿਘਨ ਪਾਉਣ ਅਤੇ ਸ਼ਿਕਾਇਤਕਰਤਾ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਲੱਗੇ ਸਨ। 2007 ’ਚ ਨੋਇਡਾ ਅਥਾਰਟੀ ’ਚ ਤਾਇਨਾਤ ਮਹੇਸ਼ਪਾਲ ਵੱਲੋਂ ਵਿਭਵ ਕੁਮਾਰ ਖਿਲਾਫ਼ ਮਾਮਲਾ ਦਰਜ ਕਰਵਾਇਆ ਸੀ। ਸ਼ਿਕਾਇਤਕਰਤਾ ਅਨੁਸਾਰ ਵਿਭਵ ਕੁਮਾਰ ਨੇ ਤਿੰਨ ਹੋਰਨਾਂ ਨਾਲ ਮਿਲ ਕੇ ਇਕ ਸਰਕਾਰੀ ਕਰਮਚਾਰੀ ਨੂੰ ਡਿਊਟੀ ਕਰਨ ਤੋਂ ਰੋਕਿਆ ਅਤੇ ਉਸ ਨੂੰ ਧਮਕੀਆਂ ਦਿੱਤੀਆਂ ਸਨ।