ਪੰਜਾਬ ਬਚਾਓ ਯਾਤਰਾ ਦੌਰਾਨ ਬੱਚਿਆਂ ਕੋਲੋਂ ਅਕਾਲੀ ਦਲ ਦੇ ਪੱਖ ’ਚ ਲਗਵਾਏ ਸੀ ਨਾਅਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਬੱਚਿਆਂ ਕੋਲੋਂ ਨਾਅਰੇ ਲਗਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਆਮ ਆਦਮੀ ਪਾਰਟੀ ਨੇ ਇਸ ਸਬੰਧੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਵੀ ਕੀਤੀ ਸੀ। ਇਸਦੇ ਚੱਲਦਿਆਂ ਚੋਣ ਕਮਿਸ਼ਨ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ ਜਵਾਬਤਲਬੀ ਕੀਤੀ ਹੈ। ਧਿਆਨ ਰਹੇ ਕਿ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਰਾਏਕੋਟ ਵਿਚ ‘ਪੰਜਾਬ ਬਚਾਓ ਯਾਤਰਾ’ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਬੱਚਿਆਂ ਕੋਲੋਂ ਸ਼ੋ੍ਰਮਣੀ ਅਕਾਲੀ ਦਲ ਜ਼ਿੰਦਾਬਾਦ, ਵੋਟ ਪਾਓ ਅਕਾਲੀ ਦਲ ਨੂੰ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਗਵਾਏ ਗਏ ਸਨ। ਇਸਦਾ ਵੀਡੀਓ ਵੀ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਵੀ ਕੀਤਾ ਗਿਆ ਸੀ। ਇਸ ਸਬੰਧੀ ‘ਆਪ’ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਚੋਣ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਸੀ ਅਤੇ ਉਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਹੋਇਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਇਸ ਨੋਟਿਸ ਦਾ ਜਵਾਬ ਦੇ ਦਿੱਤਾ ਹੈ, ਪਰ ਚੋਣ ਕਮਿਸ਼ਨ ਇਸ ਜਵਾਬ ਤੋਂ ਸੰਤੁਸ਼ਟ ਨਹੀਂ ਹੈ।