ਸ਼ੋ੍ਰਮਣੀ ਅਕਾਲੀ ਦਲ ਨੇ ਚੋਣਾਂ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਲਗਾਇਆ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਅਕਾਲੀ ਦਲ ਲੀਗਲ ਵਿੰਗ ਦੇ ਹੈਡ ਅਤੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ‘ਆਪ’ ਆਗੂਆਂ ਖਿਲਾਫ਼ ਇਹ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਾ ਦਲ ਆਰੋਪ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ। ਕਲੇਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਜੇ ਸਿੰਘ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੰਤਰੀਆਂ, ਵਿਧਾਇਕਾਂ ਅਤੇ ਉਮੀਦਵਾਰਾਂ ਨਾਲ ਜੋ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਉਹ ਸਿੱਧੇ ਤੌਰ ’ਤੇ ਚੋਣ ਜਾਬਤੇ ਦੀ ਉਲੰਘਣਾ ਹੈ। ਉਨ੍ਹਾਂ ਇਸ ਸਬੰਧੀ ਕੁੱਝ ਵੀਡੀਓਜ਼ ਵੀ ਚੋਣ ਕਮਿਸ਼ਨ ਨੂੰ ਦਿੱਤੀਆਂ ਅਤੇ ਉਨ੍ਹਾਂ ਇਸ ਮਾਮਲੇ ’ਚ ਉਚਿਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ।