2019 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਲੰਧਰ ਤੋਂ ਲੜੀ ਸੀ ਚੋਣ
ਜਲੰਧਰ/ਬਿਊਰੋ ਨਿਊਜ਼ : 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਲੰਧਰ ਤੋਂ ਚੋਣ ਲੜਨ ਵਾਲੇ ਜਸਟਿਸ ਜੋਰਾ ਸਿੰਘ ਨੇ ਅਜ਼ਾਦ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜਸਟਿਸ ਜੋਰਾ ਸਿੰਘ ਫਰੀਦਕੋਟ ਲੋਕ ਸਭਾ ਹਲਕੇ ਤੋਂ ਅਜ਼ਾਦ ਚੋਣ ਲੜਨਗੇ। ਉਨ੍ਹਾਂ ਦੇ ਚੋਣ ਮੈਦਾਨ ’ਚ ਉਤਰਨ ਦੇ ਇਸ ਫੈਸਲੇ ਤੋਂ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਇਕ ਹੋਰ ਸਿਆਸੀ ਝਟਕਾ ਲੱਗਿਆ ਹੈ। ਜਸਟਿਸ ਜੋਰਾ ਸਿੰਘ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਲਈ ਬਣਾਈ ਗਈ ਪਹਿਲੀ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸ ਕਮਿਸ਼ਨ ਨੂੰ ਜਸਟਿਸ ਜੋਰਾ ਸਿੰਘ ਕਮਿਸ਼ਨ ਦਾ ਨਾਂ ਦਿੱਤਾ ਗਿਆ ਸੀ। ਜਸਟਿਸ ਜੋਰਾ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵਾਂਗ ਹੀ ਆਮ ਆਦਮੀ ਪਾਰਟੀ ਵੀ ਜੁਮਲਾ ਪਾਰਟੀ ਦੱਸਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਨ ਸਮੇਂ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ’ਤੇ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।