ਮਾਮਲੇ ਦੀ ਅਗਲੀ ਸੁਣਵਾਈ 16 ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਗੁਮਰਾਹਕੁਨ ਇਸ਼ਤਿਹਾਰ ਮਾਮਲੇ ‘ਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੈਦ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਅਚਾਰੀਆ ਬਾਲਕ੍ਰਿਸ਼ਨ ਵੱਲੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਦਾਇਰ ਕੀਤੇ ਹਲਫਨਾਮਿਆਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਅਜਿਹਾ ਉਸ ਸਮੇਂ ਕੀਤਾ ਜਦੋਂ ‘ਉਨ੍ਹਾਂ ਦੀ ਗਲਤੀ ਫੜ ਲਈ ਗਈ।’
ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁੱਦੀਨ ਅਮਾਨੁੱਲ੍ਹਾ ਦੇ ਬੈਂਚ ਨੇ ਸੁਣਵਾਈ ਦੌਰਾਨ ਕਿਹਾ, ‘ਅਸੀਂ ਇਸ ਮਾਮਲੇ ‘ਚ ਇੰਨੇ ਨਰਮ ਨਹੀਂ ਹੋਣਾ ਚਾਹੁੰਦੇ।’ ਅਦਾਲਤ ਨੇ ਇਸ ਮਾਮਲੇ ‘ਚ ਕਾਰਵਾਈ ਨਾ ਕਰਨ ਲਈ ਰਾਜ ਲਾਇਸੈਂਸਿੰਗ ਅਥਾਰਿਟੀ ਪ੍ਰਤੀ ਵੀ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਉਹ ਇਸ ਨੂੰ ਹਲਕੇ ‘ਚ ਨਹੀਂ ਲੈਣਗੇ। ਬੈਂਚ ਨੇ ਕਿਹਾ, ‘ਅਸੀਂ ਤੁਹਾਡੇ ਬਖੀਏ ਉਧੇੜ ਦੇਵਾਂਗੇ।’
ਸਿਖਰਲੀ ਅਦਾਲਤ ਨੇ ਕਿਹਾ ਕਿ ਜਦੋਂ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਅਤੇ ਉਨ੍ਹਾਂ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਤਾਂ ਉਨ੍ਹਾਂ ਉਸ ਸਥਿਤੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਿੱਥੇ ਨਿੱਜੀ ਤੌਰ ‘ਤੇ ਪੇਸ਼ ਹੋਣਾ ਜ਼ਰੂਰੀ ਸੀ। ਬੈਂਚ ਨੇ ਕਿਹਾ ਕਿ ਇਹ ਸਵੀਕਾਰ ਨਹੀਂ ਕੀਤਾ ਜਾ ਸਕਦਾ। ਬੈਂਚ ਨੇ ਹੁਕਮ ਸੁਣਾਉਂਦਿਆਂ ਕਿਹਾ, ‘ਮਾਮਲੇ ਦੇ ਪੂਰੇ ਇਤਿਹਾਸ ਅਤੇ ਹੱਤਕ ਕਰਨ ਵਾਲਿਆਂ ਦੇ ਪਿਛਲੇ ਆਚਰਣ ਨੂੰ ਧਿਆਨ ‘ਚ ਰਖਦਿਆਂ ਅਸੀਂ ਉਨ੍ਹਾਂ ਵੱਲੋਂ ਦਾਇਰ ਨਵੇਂ ਹਲਫਨਾਮਿਆਂ ਨੂੰ ਸਵੀਕਾਰ ਕਰਨ ਦੀ ਮੰਗ ‘ਤੇ ਆਪਣਾ ਇਤਰਾਜ਼ ਜ਼ਾਹਿਰ ਕਰਦੇ ਹਾਂ।’ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 16 ਅਪਰੈਲ ਤੈਅ ਕੀਤੀ ਹੈ।