Breaking News
Home / ਭਾਰਤ / ਕੇਜਰੀਵਾਲ ਦੀ ਗ੍ਰਿਫ਼ਤਾਰੀ ਸਹੀ : ਹਾਈਕੋਰਟ

ਕੇਜਰੀਵਾਲ ਦੀ ਗ੍ਰਿਫ਼ਤਾਰੀ ਸਹੀ : ਹਾਈਕੋਰਟ

ਗ੍ਰਿਫਤਾਰੀ ਤੇ ਰਿਮਾਂਡ ਦੇ ਖਿਲਾਫ ਪਹੁੰਚੇ ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਲਈ ਪਾਈ ਗਈ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਖਾਰਜ ਕਰ ਦਿੱਤਾ। ਕੋਰਟ ਨੇ ਸ਼ਰਾਬ ਨੀਤੀ ਮਾਮਲੇ ਵਿਚ ਕੀਤੀ ਗਈ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਸਹੀ ਵੀ ਦੱਸਿਆ। ਪਟੀਸ਼ਨ ਨੂੰ ਖਾਰਜ ਕਰਦਿਆਂ ਦਿੱਲੀ ਹਾਈਕੋਰਟ ਨੇ ਕਿਹਾ ਕਿ ਈਡੀ ਵੱਲੋਂ ਇਕੱਠੀ ਕੀਤੀ ਗਈ ਸਮੱਗਰੀ ਤੋਂ ਪਤਾ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਸਾਜਿਸ਼ ਰਚੀ ਸੀ।
ਧਿਆਨ ਰਹੇ ਕਿ ਕੇਜਰੀਵਾਲ ਨੇ ਲੰਘੀ 23 ਮਾਰਚ ਨੂੰ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਇਕ ਪਟੀਸ਼ਨ ਕੋਰਟ ਵਿਚ ਦਾਖਲ ਕੀਤੀ ਸੀ। ਇਸ ਪਟੀਸ਼ਨ ‘ਤੇ ਕੋਰਟ ਵੱਲੋਂ ਲੰਘੀ 3 ਅਪ੍ਰੈਲ ਨੂੰ ਵੀ ਸੁਣਵਾਈ ਕੀਤੀ ਸੀ ਪ੍ਰੰਤੂ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਕੋਰਟ ਨੇ ਕਿਹਾ ਕਿ ਈਡੀ ਵੱਲੋਂ ਕੇਜਰੀਵਾਲ ਖਿਲਾਫ਼ ਜੋ ਸਬੂਤ ਇਕੱਠੇ ਕੀਤੇ ਗਏ ਹਨ, ਉਨ੍ਹਾਂ ਤੋਂ ਸਾਫ਼ ਪਤਾ ਚਲਦਾ ਹੈ ਕਿ ਉਹ ਪੂਰੀ ਤਰ੍ਹਾਂ ਸ਼ਰਾਬ ਨੀਤੀ ਮਾਮਲੇ ਵਿਚ ਸ਼ਾਮਲ ਹਨ। ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਕੋਰਟ ਨੇ 28 ਮਾਰਚ ਤੱਕ ਕੇਜਰੀਵਾਲ ਨੂੰ ਈਡੀ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਜਿਸ ਤੋਂ ਬਾਅਦ 1 ਅਪ੍ਰੈਲ ਨੂੰ ਕੋਰਟ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ।
ਹਾਈਕੋਰਟ ਦੇ ਫੈਸਲੇ ਖਿਲਾਫ ਹੁਣ ਕੇਜਰੀਵਾਲ ਸੁਪਰੀਮ ਕੋਰਟ ਪਹੁੰਚ ਗਏ ਹਨ। ਇਸੇ ਦੌਰਾਨ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਸਾਨੂੰ ਸੁਪਰੀਮ ਕੋਰਟ ਤੋਂ ਰਾਹਤ ਦੀ ਉਮੀਦ ਹੈ। ਭਾਰਦਵਾਜ ਨੇ ਕਿਹਾ ਕਿ ਅਸੀਂ ਹਾਈਕੋਰਟ ਦਾ ਸਨਮਾਨ ਕਰਦੇ ਹਾਂ ਪਰ ਅਸੀਂ ਸਨਮਾਨ ਨਾਲ ਹੀ ਕਹਿੰਦੇ ਹਾਂ ਕਿ ਅਸੀਂ ਉਸਦੇ ਹੁਕਮਾਂ ਨਾਲ ਸਹਿਮਤ ਨਹੀਂ ਹਾਂ।
ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ ਮੁਲਤਵੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਦੀ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨਾਲ ਹੋਣ ਵਾਲੀ ਮੁਲਾਕਾਤ ਟਾਲ ਦਿੱਤੀ ਗਈ। ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਤਿਹਾੜ ਜੇਲ੍ਹ ਦੇ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇਸ ਮੁਲਾਕਾਤ ਲਈ ਦਿੱਤੀ ਆਗਿਆ ਨੂੰ ਰੱਦ ਕਰ ਦਿੱਤਾ। ਹਾਲਾਂਕਿ ਲੰਘੇ ਮੰਗਲਵਾਰ ਨੂੰ ਸੀਐਮ ਭਗਵੰਤ ਮਾਨ ਅਤੇ ਸੰਜੇ ਸਿੰਘ ਦਾ ਕੇਜਰੀਵਾਲ ਨੂੰ ਮਿਲਣ ਲਈ ਸਮਾਂ ਵੀ ਹੋ ਗਿਆ ਸੀ ਅਤੇ ਇਨ੍ਹਾਂ ਦੋਵੇਂ ਆਗੂਆਂ ਨੇ ਅੱਜ ਬੁੱਧਵਾਰ ਨੂੰ ਦੁਪਹਿਰੇ 1 ਵਜੇ ਜੇਲ੍ਹ ਵਿਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਸੀ। ਹੁਣ ਤਿਹਾੜ ਜੇਲ੍ਹ ਪ੍ਰਸ਼ਾਸਨ ਵਲੋਂ ਇਸ ਮੁਲਾਕਾਤ ਲਈ ਨਵੀਂ ਤਰੀਕ ਅਤੇ ਸਮਾਂ ਦੱਸਿਆ ਜਾਵੇਗਾ।
ਦਿੱਲੀ ਦੀ ‘ਆਪ’ ਸਰਕਾਰ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ : ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਅਗਵਾਈ ਅਰਵਿੰਦ ਕੇਜਰੀਵਾਲ ਦੀ ਸਰਕਾਰ ‘ਚ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸਦੇ ਨਾਲ ਹੀ ਰਾਜ ਕੁਮਾਰ ਆਨੰਦ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ। ਅਸਤੀਫਾ ਦੇਣ ਤੋਂ ਬਾਅਦ ਰਾਜ ਕੁਮਾਰ ਆਨੰਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਨਾਲ ਲੜਨ ਲਈ ਹੋਇਆ ਸੀ ਪਰ ਅੱਜ ਪਾਰਟੀ ਭ੍ਰਿਸ਼ਟਾਚਾਰ ਦੀ ਦਲਦਲ ‘ਚ ਫਸ ਗਈ ਹੈ। ਉਨ੍ਹਾਂ ਕਿਹਾ ਕਿ ਮੇਰੇ ਲਈ ਮੰਤਰੀ ਦੇ ਅਹੁਦੇ ‘ਤੇ ਕੰਮ ਕਰਨਾ ਮੁਸ਼ਕਲ ਹੋ ਗਿਆ ਸੀ। ਧਿਆਨ ਰਹੇ ਕਿ ਪਿਛਲੇ ਸਾਲ ਨਵੰਬਰ ਮਹੀਨੇ ਦੌਰਾਨ ਰਾਜ ਕੁਮਾਰ ਆਨੰਦ ਦੇ ਘਰ ਵੀ ਈਡੀ ਦੀ ਰੇਡ ਪਈ ਸੀ।

 

Check Also

ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 19 ਰੁਪਏ ਹੋਇਆ ਸਸਤਾ

ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਤੇਲ ਮਾਰਕੀਟਿੰਗ …