ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਵਿਧਾਇਕਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਚੋਣ ਪ੍ਰਚਾਰ ਦੀ ਕਮਾਨ ਸਾਂਭ ਲਈ ਹੈ। ਉਹ ਦਿੱਲੀ ਮਗਰੋਂ ਚੋਣ ਪ੍ਰਚਾਰ ਲਈ ਪੰਜਾਬ ਪਹੁੰਚ ਗਏ ਹਨ। ਉਨ੍ਹਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਪਾਰਟੀ ਦੇ ਸਾਰੇ ਵਿਧਾਇਕਾਂ ਤੇ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਕੌਮੀ ਸਕੱਤਰ ਤੇ ਸੰਸਦ ਮੈਂਬਰ ਸੰਦੀਪ ਪਾਠਕ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ।
‘ਆਪ’ ਆਗੂਆਂ ਵੱਲੋਂ ਇਹ ਮੀਟਿੰਗ ਲੋਕ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਲਈ ਰਣਨੀਤੀ ਤਿਆਰ ਕਰਨ ਲਈ ਸੱਦੀ ਗਈ ਸੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ‘ਆਪ’ ਦੀ 13-0 ਨਾਲ ਜਿੱਤ ਯਕੀਨੀ ਬਣਾਉਣ ਲਈ ਠੋਸ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ਵਿੱਚ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਦੋ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ ਅਤੇ ਉਨ੍ਹਾਂ ਕੰਮਾਂ ਨੂੰ ਘਰ-ਘਰ ਪਹੁੰਚਾਉਣ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਸਮੇਂ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੇ ਕਿਸਾਨ ਅੰਦੋਲਨ ਦਾ ਮੁੱਦਾ ਵੀ ਜ਼ੋਰ-ਸ਼ੋਰ ਨਾਲ ਉਭਾਰਨ ਦੀ ਤਿਆਰੀ ਕੀਤੀ ਗਈ। ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਨੇ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ, ਉਨ੍ਹਾਂ ਵਿੱਚੋਂ ਲਗਪਗ ਸਾਰੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਲੋਕਾਂ ਨੂੰ ਇਹ ਵੀ ਦੱਸਣਗੇ ਕਿ ਕਿਵੇਂ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਰੱਖਿਆ ਗਿਆ ਹੈ। ਕਿਸ ਤਰ੍ਹਾਂ ਵਿਰੋਧੀ ਪਾਰਟੀ ਦੇ ਨੇਤਾਵਾਂ ਦੇ ਖਿਲਾਫ ਹਰ ਰੋਜ਼ ਈਡੀ ਅਤੇ ਸੀਬੀਆਈ ਭੇਜੀ ਜਾ ਰਹੀ ਹੈ। ਇਹ ਸਾਰੀਆਂ ਗੱਲਾਂ ਪੰਜਾਬ ਦੇ ਲੋਕਾਂ ਤੱਕ ਲੈ ਕੇ ਜਾਵਾਂਗੇ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਤੇ ਭਾਜਪਾ ਨੂੰ ਹਰਾਉਣਗੇ, ਜਦੋਂਕਿ ਕਾਂਗਰਸ ਨੂੰ ਪੰਜਾਬ ਵਿੱਚ ਕੋਈ ਮੌਕਾ ਨਹੀਂ ਮਿਲੇਗਾ।
Check Also
ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …