ਅੰਮ੍ਰਿਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ਨੂੰ ਯਾਦ ਕਰਾਇਆ ਕਿ ਬਰਗਾੜੀ ਅਤੇ ਕੋਟਕਪੂਰਾ ਮਾਮਲਿਆਂ ਵਿੱਚ ਕੋਈ ਪ੍ਰਗਤੀ ਨਹੀਂ ਹੋਈ ਹੈ ਜਿਸ ਨੂੰ ਲੈ ਕੇ ਉਨ੍ਹਾਂ ਤਿੰਨ ਸਾਲ ਪਹਿਲਾਂ ਪੁਲੀਸ ਦੀ ਨੌਕਰੀ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਇਹ ਪ੍ਰਗਟਾਵਾ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤਾ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲ ਪਹਿਲਾਂ 9 ਅਪਰੈਲ 2021 ਵਿੱਚ ਉਨ੍ਹਾਂ ਨੇ ਆਪਣੀ ਪੁਲਿਸ ਦੀ ਨੌਕਰੀ ਤੋਂ ਅਸਤੀਫ਼ਾ ਦਿੱਤਾ ਸੀ। ਉਹ ਚਾਹੁੰਦੇ ਸਨ ਕਿ ਬਰਗਾੜੀ ਅਤੇ ਕੋਟਕਪੂਰਾ ਮਾਮਲਿਆਂ ਦੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸੇ ਉਮੀਦ ਨਾਲ ਨੌਕਰੀ ਛੱਡ ਕੇ ਸਿਆਸਤ ਵਿੱਚ ਆਏ ਸਨ ਪਰ ਇਹ ਮਾਮਲਾ ਅੱਜ ਵੀ ਜਿਉਂ ਦਾ ਤਿਉਂ ਖੜ੍ਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਇਸ ਮਾਮਲੇ ਦਾ ਜ਼ਰੂਰ ਫ਼ੈਸਲਾ ਹੋਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦਾ ਸਟੈਂਡ ਪਹਿਲਾਂ ਵਾਲਾ ਹੈ ਅਤੇ ਉਹ ਆਪਣੇ ਫ਼ੈਸਲੇ ‘ਤੇ ਪੂਰੀ ਤਰ੍ਹਾਂ ਦ੍ਰਿੜ੍ਹ ਹਨ।
ਇਸ ਪੋਸਟ ਦੇ ਨਾਲ ਹੀ ਭਗਵੰਤ ਮਾਨ ਦੀ ਇੱਕ ਪ੍ਰੈੱਸ ਕਾਨਫਰੰਸ ਦੀ ਕਲਿੱਪ ਵੀ ਸਾਂਝੀ ਕੀਤੀ ਜਿਸ ਵਿੱਚ ਉਹ ‘ਆਪ’ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਮਾਮਲੇ ‘ਤੇ ਕਾਰਵਾਈ ਕਰਨ ਦਾ ਭਰੋਸਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿੱਚ ਮੇਰੀ ਲੜਾਈ ਜਾਰੀ ਰਹੇਗੀ ਅਤੇ ਉਹ ਹਰ ਤਰ੍ਹਾਂ ਦੇ ਕਸ਼ਟ ਝੱਲਣ ਵਾਸਤੇ ਤਿਆਰ ਹਨ।