ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਰਦਾ ਹਟਾਉਣ ਦੀ ਰਸਮ ਨਿਭਾਈ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬਘਰ ‘ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਹਨ। ਇਨ੍ਹਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਭਾਈ।
ਕੇਂਦਰੀ ਸਿੱਖ ਅਜਾਇਬਘਰ ‘ਚ ਜਿਨ੍ਹਾਂ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਕਾਰ-ਸੇਵਾ ਸੰਪਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ, ਸੰਗੀਤ ਮਾਰਤੰਡ ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਬਿਰਤਾਂਤ ਨੂੰ ਕਾਵਿ-ਰੂਪ ਵਿਚ ਦਰਜ ਕਰਨ ਵਾਲੇ ਅੱਲ੍ਹਾ ਯਾਰ ਖ਼ਾਂ ਜੋਗੀ ਦੀਆਂ ਤਸਵੀਰਾਂ ਸ਼ਾਮਲ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਥਕ ਖੇਤਰ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾ ਕੇ ਸਿੱਖ ਸੰਸਥਾ ਵੱਲੋਂ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬਾਬਾ ਹਜ਼ਾਰਾ ਸਿੰਘ ਕਾਰ-ਸੇਵਾ ਗੁਰੂ ਕਾ ਬਾਗ ਵਾਲਿਆਂ ਨੇ ਜਿੱਥੇ ਗੁਰਦੁਆਰਿਆਂ ਦੀ ਉਸਾਰੀ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ ਉਥੇ ਉਨ੍ਹਾਂ ਧਰਮ ਯੁੱਧ ਮੋਰਚੇ ਦੌਰਾਨ ਜੇਲ੍ਹ ਵੀ ਕੱਟੀ ਅਤੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾ ਕੇ ਸੰਗਤ ਨੂੰ ਗੁਰੂ ਲੜ ਲਾਇਆ। ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ ਨੇ 1980 ਤੋਂ 1987 ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਵੀ ਕਾਰਜਸ਼ੀਲ ਰਹੇ।
ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਦਾ ਵੀ ਗੁਰਮਤਿ ਸੰਗੀਤ ਦੇ ਖੇਤਰ ਵਿਚ ਵੱਡਮੁੱਲਾ ਯੋਗਦਾਨ ਹੈ ਅਤੇ ਉਨ੍ਹਾਂ ਸੱਤ ਪੁਸਤਕਾਂ ਵੀ ਸੰਗਤ ਦੀ ਝੋਲੀ ਪਾਈਆਂ। ਅੱਲ੍ਹਾ ਯਾਰ ਯੋਗੀ ਨੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਦੇ ਬਿਰਤਾਂਤ ਨੂੰ ਕਾਵਿ-ਰੂਪ ਵਿਚ ‘ਸ਼ਹੀਦਾਨਿ ਵਫ਼ਾ’ ਅਤੇ ‘ਗੰਜਿ-ਏ-ਸ਼ਹੀਦਾਂ’ ਰਾਹੀਂ ਬਿਆਨ ਕੀਤਾ ਹੈ, ਜੋ ਸਿੱਖ ਸੰਗਤਾਂ ਲਈ ਪ੍ਰੇਰਣਾ ਦਾ ਸੋਮਾ ਹੈ।