ਮਹਿਲਾਵਾਂ ਨੂੰ ਆਪਣੇ ਹੱਕਾਂ ਲਈ ਕੀਤਾ ਗਿਆ ਲਾਮਬੰਦ
ਰਮਦਾਸ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਨੂੰਹ ਅਮਨ ਧਾਲੀਵਾਲ ਵੱਲੋਂ ਅਮਰੀਕਾ ਤੋਂ ਇੱਥੇ ਆ ਕੇ ਆਪਣੇ ਸਹੁਰੇ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹ ਲੋਕਾਂ ਨੂੰ ਵਿਕਾਸ ਨੂੰ ਵੋਟ ਦੇਣ ਦਾ ਸੱਦਾ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਹਾਕਿਆਂ ਤੋਂ ਅਮਰੀਕਾ ਦੀ ਨਾਗਰਿਕ ਅਮਨ ਧਾਲੀਵਾਲ ਜੋ ਉਥੇ ਇਕ ਵਕੀਲ ਹੈ, ਵਲੋਂ ਸਰਹੱਦੀ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਬਰੂਹਾਂ ‘ਤੇ ਔਰਤਾਂ ਨੂੰ ਆਪਣੇ ਹੱਕਾਂ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਪਿੰਡ ਬਿਕਰਾਊਰ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਮਨ ਧਾਲੀਵਾਲ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਾਲੀਵਾਲ ਵਲੋਂ ਹਲਕੇ ਦੇ ਲੋਕਾਂ ਨਾਲ ਜੋ ਵਾਅਦੇ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਗਏ ਸਨ ਉਹ ਪੂਰੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅਤੇ ਲੋਕ ਮਾਰੂ ਪਾਰਟੀ ਹੈ, ਜਿਸ ਦਾ ਏਜੰਡਾ ਫਿਰਕਾਪ੍ਰਸਤੀ ਫੈਲਾਉਣਾ ਹੈ। ਇਸ ਲਈ ਲੋਕ ਇਸ ਪਾਰਟੀ ਨੂੰ ਮੂੰਹ ਨਹੀਂ ਲਗਾ ਰਹੇ। ਇਸ ਦੌਰਾਨ ਉਨ੍ਹਾਂ ਹਲਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸੱਚੇ ਲੋਕਾਂ ਦਾ ਸਾਥ ਦੇਣ ਤਾਂ ਜੋ ਗੁਰੂ ਨਗਰੀ ਦਾ ਵਿਕਾਸ ਕੀਤਾ ਜਾ ਸਕੇ।