ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ ਸਮੇਤ ਅੱਜ ਸਮੁੱਚੇ ਦੇਸ਼ ਅਤੇ ਵਿਦੇਸ਼ਾਂ ਵਿਚ ਖਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਸਾਖੀ ਮੌਕੇ ਪੰਜਾਬ ਅਤੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵਿਸਾਖੀ ਮੌਕੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ ਅਤੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਧਰ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਸਾਕੇ ਵਿੱਚ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਸ਼ਹੀਦਾਂ ਦੀ ਦੇਸ਼ ਭਗਤੀ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ। ਅੱਜ ਦੇ ਦਿਨ 1919 ਵਿੱਚ ਬਰਤਾਨਵੀ ਫੌਜ ਨੇ ਅੰਮਿ੍ਰਤਸਰ ਦੇ ਜਲਿਆਂਵਾਲਾ ਬਾਗ ਵਿੱਚ ਰੋਲੇਟ ਐਕਟ ਦੇ ਵਿਰੁੱਧ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ ’ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ ਸੀ ਅਤੇ ਇਸ ਗੋਲੀਬਾਰੀ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ।