ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਭਿ੍ਸ਼ਟਾਚਾਰ ਦਾ ਚੈਂਪੀਅਨ
ਲਖਨਊ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਗਾਜ਼ੀਆਬਾਦ ’ਚ ਇਕੱਠਿਆਂ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਿ੍ਰਸ਼ਟਾਚਾਰ ਦਾ ਚੈਂਪੀਅਨ ਦੱਸਿਆ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਜੇਕਰ ਪਾਰਟੀ ਕਹੇਗੀ ਤਾਂ ਉਹ ਅਮੇਠੀ ਤੋਂ ਚੋਣ ਜ਼ਰੂਰ ਲੜਨਗੇ। ਰਾਹੁਲ ਨੇ ਕਿਹਾ ਕਿ ਇਹ ਲੋਕ ਸਭਾ ਚੋਣਾਂ ਵਿਚਾਰਧਾਰਾ ਦੀਆਂ ਚੋਣਾਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਆਰ.ਐਸ.ਐਸ. ਅਤੇ ਭਾਜਪਾ ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਦੂਜੇ ਪਾਸੇ ‘ਇੰਡੀਆ’ ਗਠਜੋੜ ਅਤੇ ਕਾਂਗਰਸ ਪਾਰਟੀ ਸੰਵਿਧਾਨ ਅਤੇ ਜਮਹੂਰੀਅਤ ਦੀ ਰਾਖੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਸਭ ਤੋਂ ਵੱਡਾ ਮੁੱਦਾ ਹੈ ਅਤੇ ਮਹਿੰਗਾਈ ਦੂਜੇ ਨੰਬਰ ’ਤੇ ਹੈ ਪਰ ਨਾ ਤਾਂ ਪ੍ਰਧਾਨ ਮੰਤਰੀ ਅਤੇ ਨਾ ਹੀ ਭਾਜਪਾ ਇਨ੍ਹਾਂ ਮੁੱਦਿਆਂ ਬਾਰੇ ਗੱਲ ਕਰਦੀ ਹੈ। ਰਾਹੁਲ ਨੇ ਦਾਅਵਾ ਕੀਤਾ ਕਿ ਇਸ ਵਾਰ ਭਾਜਪਾ 150 ਸੀਟਾਂ ’ਤੇ ਹੀ ਸਿਮਟ ਜਾਵੇਗੀ। ਇਸ ਮੌਕੇ ਅਖਿਲੇਸ਼ ਯਾਦਵ ਨੇ ਕਿਹਾ ਕਿ ਭਾਜਪਾ ਦੀ ਹਰ ਇਕ ਗੱਲ ਝੂਠੀ ਨਿਕਲੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ ਭਿ੍ਰਸ਼ਟਾਚਾਰੀਆਂ ਦਾ ਗੋਦਾਮ ਬਣ ਕੇ ਰਹਿ ਗਈ ਹੈ। ਧਿਆਨ ਰਹੇ ਕਿ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਇਹ ਪਹਿਲਾ ਮੌਕਾ ਹੈ ਜਦੋਂ ਰਾਹੁਲ ਅਤੇ ਅਖਿਲੇਸ਼ ਇਕੱਠੇ ਇਕ ਮੰਚ ’ਤੇ ਦਿਸੇ ਹਨ।